ਨਵੀ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ ਦੀ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਏ.ਕੇ. ਸਿਕਰੀ ਤੇ ਜਸਟਿਸ ਅਸ਼ੋਕ ਭੂਸ਼ਨ ਦੇ ਬੈਂਚ ਨੇ ਕਿਹਾ ਕਿ ਹਾਈਕੋਰਟ ਵੱਲੋਂ ਲਾਈ ਪਾਬੰਦੀ ਵਿਰੁੱਧ ਕੇਸ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਇਸ ਮਹੀਨੇ ਦੇ ਸ਼ੁਰੂ ਵਿੱਚ, ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਪਟਾਕਿਆਂ ਦੀ ਵਰਤੋਂ ਤੇ ਬਣਾਉਣ ਦੇ ਕੰਮ 'ਤੇ ਪਾਬੰਦੀ ਦੀ ਅਪੀਲ ਬਾਰੇ ਸੁਣਵਾਈ ਦਾ ਫੈਸਲਾ ਕੀਤਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਤੇ ਕਿਹਾ ਕਿ ਉਹ ਚਾਰ ਹਫਤਿਆਂ ਅੰਦਰ ਆਪਣਾ ਜਵਾਬ ਦਰਜ ਕਰਨ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਚਿੰਤਾਜਨਕ ਪ੍ਰਦੂਸ਼ਣ ਦੇ ਪੱਧਰ ਨੂੰ ਰੋਕਣ ਲਈ ਦਿੱਲੀ-ਐਨ.ਸੀ.ਆਰ. ਵਿੱਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਸੀ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਨਵੰਬਰ 2016 ਦੇ ਹੁਕਮ ਨੂੰ ਮੁੜ ਬਹਾਲ ਕਰ ਦਿੱਤਾ ਹੈ। ਐਨ.ਸੀ.ਆਰ. ਵਿੱਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਹੈ। ਸਤੰਬਰ 2017 ਦੇ ਹੁਕਮ ਨੂੰ ਮੁਅੱਤਲ ਕਰ ਦਿੱਤਾ ਹੈ ਜਿਸ ਵਿੱਚ ਸੀਮਤ ਵਿਕਰੀ ਦੀ ਇਜਾਜ਼ਤ ਦਿੱਤੀ ਗਈ ਸੀ।