ਚੰਡੀਗੜ੍ਹ: ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਵੱਡੇ-ਵੱਡੇ ਲੀਡਰਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਜੋ ਕੀਤਾ, ਉਸ ਦਾ ਖਮਿਆਜ਼ਾ ਤਾਂ ਭੁਗਤਣਾ ਹੀ ਪਵੇਗਾ ਪਰ ਧਰਮਸੋਤ ਛੋਟੀ ਮੱਛੀ ਹੈ ਜਦਕਿ ਵੱਡੇ ਮਗਰਮੱਛ ਵੀ ਕਈ ਘੁਟਾਲਿਆਂ ਵਿੱਚ ਸ਼ਾਮਲ ਹਨ।



ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੁੱਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਵੱਡੇ ਮਗਰਮੱਛਾਂ ਦੇ ਨਾਂ ਵੀ ਸ਼ਾਮਲ ਹਨ ਪਰ ਸ਼ੁਰੂਆਤ ਇੱਕ ਸ਼ਡਿਊਲਕਾਸਟ ਤੋਂ ਕੀਤੀ ਗਈ ਹੈ। ਦੂਲੋ ਨੇ ਕਿਹਾ ਕਿ ਜੇ ਕਾਰਵਾਈ ਕਰਨੀ ਹੀ ਸੀ ਤਾਂ ਇੱਕ ਵੱਡੇ ਮਗਰਮੱਛ ਤੋਂ ਕਰਦੇ। ਉਨ੍ਹਾਂ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਪਿਛਲੀ ਸਰਕਾਰ ਦੌਰਾਨ ਵੱਡੇ-ਵੱਡੇ ਘੁਟਾਲੇ ਹੋਏ ਹਨ, ਕੋਈ ਵੀ ਵਿਭਾਗ ਅਜਿਹਾ ਨਹੀਂ ਹੈ, ਜਿਸ ਵਿੱਚ ਘੁਟਾਲਾ ਨਾ ਹੋਇਆ ਹੋਵੇ, ਇਸ ਵਿੱਚ ਕਈ ਅਜਿਹੇ ਨਾਮ ਸ਼ਾਮਲ ਹਨ, ਜਿਨ੍ਹਾਂ ਨੇ ਨਾ ਸਿਰਫ ਸੂਬੇ, ਸਗੋਂ ਸੂਬੇ ਦੇ ਲੋਕਾਂ ਨਾਲ ਵੀ ਧੋਖਾ ਕੀਤਾ ਹੈ, ਜਿਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਅੱਜ ਸਵੇਰੇ ਤਿੰਨ ਵਜੇ ਸਾਧੂ ਸਿੰਘ ਧਰਮਸੋਤ ਤੇ ਉਸ ਦੇ ਦੋ ਸਾਥੀਆਂ ਨੂੰ ਅਮਲੋਹ ਤੋਂ ਚੁੱਕਿਆ ਹੈ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫਸਰਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ ਜਿਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਕੋਲ ਗਿਆ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਘਿਰੇ ਧਰਮਸੋਤ
ਸਾਧੂ ਸਿੰਘ ਧਰਮਸੋਤ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਘਿਰੇ ਹੋਏ ਰਹੇ ਹਨ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਦੋਸ਼ ਲੱਗੇ ਸਨ ਕਿ ਵਜ਼ੀਫੇ ਦਾ ਪੈਸਾ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਲਤ ਤਰੀਕੇ ਨਾਲ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਇਸ ਦੇ ਬਾਵਜੂਦ ਤਤਕਾਲੀ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।