ਚੰਡੀਗੜ੍ਹ: ਅਸਥਾਈ ਅਧਿਆਪਕਾਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਅਤੇ ਤਨਖਾਹ ਵਿੱਚ ਵਾਧੇ ਦੀ ਮੰਗ ਕਰਦਿਆਂ ਪੰਜਾਬ ਦੇ ਮੋਹਾਲੀ ਵਿੱਚ ਸਿੱਖਿਆ ਬੋਰਡ ਦੀ ਇਮਾਰਤ ਦੇ ਬਾਹਰ ਵੀਰਵਾਰ ਨੂੰ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਇਸ ਦੌਰਾਨ ਉਹ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਇੱਕ ਸੈਕਟਰੀ ਪੱਧਰ ਦੇ ਅਧਿਕਾਰੀ ਨੂੰ ਆਪਣੇ ਮਸਲਿਆਂ ਸਬੰਧੀ ਮਿਲੇ।
ਸਿੰਗਲਾ ਨਾਲ ਮੁਲਾਕਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਅਤੇ ਤਨਖਾਹ ਵਧਾ ਕੇ 40,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ। ਅਸਥਾਈ ਅਧਿਆਪਕ ਐਸੋਸੀਏਸ਼ਨ ਦੇ ਬੈਨਰ ਹੇਠ 500 ਤੋਂ ਵੱਧ ਅਧਿਆਪਕ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਦੇ ਬਾਹਰ ਧਰਨੇ 'ਤੇ ਬੈਠੇ ਸੀ ਤਾਂ ਜੋ ਕਾਂਗਰਸ ਸਰਕਾਰ 'ਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਪਾਇਆ ਜਾ ਸਕੇ।
ਤਨਖਾਹ ਸਕੇਲ ਵਿਚ ਬੇਨਿਯਮੀਆਂ
ਦੱਸ ਦੇਈਏ ਕਿ ਹਜ਼ਾਰਾਂ ਅਧਿਆਪਕ ਲੰਬੇ ਸਮੇਂ ਤੋਂ ਪੰਜਾਬ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਪੂਰੀ ਯੋਗਤਾ ਪੂਰੀ ਹੋਣ ਤੋਂ ਬਾਅਦ ਵੀ ਇਨ੍ਹਾਂ ਅਧਿਆਪਕਾਂ ਨੂੰ ਪੱਕੇ ਅਧਿਆਪਕਾਂ ਨਾਲੋਂ ਬਹੁਤ ਘੱਟ ਤਨਖਾਹ ਸਕੇਲ ਦਿੱਤੇ ਜਾ ਰਹੇ ਹਨ। ਕਈ ਥਾਂਵਾਂ 'ਤੇ ਸਥਿਤੀ ਇੰਨੀ ਤਰਸਯੋਗ ਹੈ ਕਿ ਇਹ ਅਧਿਆਪਕ ਸਰਕਾਰੀ ਵਿਭਾਗ ਦੇ ਚੌਥੇ ਕੈਟਾਗਿਰੀ ਦੇ ਕਰਮਚਾਰੀ ਨਾਲੋਂ ਘੱਟ ਤਨਖਾਹ ਸਕੇਲ 'ਤੇ ਕੰਮ ਕਰਨ ਲਈ ਮਜਬੂਰ ਹਨ।
ਮਹਿਲਾ ਅਧਿਆਪਕਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਇਸ ਸਮੇਂ ਅਸਥਾਈ ਅਧਿਆਪਕ ਆਪਣੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਦੌਰਾਨ ਇੱਕ ਔਰਤ ਆਰਜ਼ੀ ਅਧਿਆਪਕ ਨੇ ਨਾਅਰੇਬਾਜ਼ੀ ਕਰਦਿਆਂ ਸਲਪਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਅਤੇ ਸਾਥੀ ਅਧਿਆਪਕਾਂ ਦੀ ਮਦਦ ਨਾਲ ਮੋਹਾਲੀ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਅਧਿਆਪਕਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।
ਇਹ ਵੀ ਪੜ੍ਹੋ: ਮਮਤਾ ਨੇ ਹਾਈ ਕੋਰਟ ਵਿੱਚ ਨੰਦੀਗਰਾਮ ਚੋਣ ਨਤੀਜਿਆਂ ਨੂੰ ਦਿੱਤੀ ਚੁਣੌਤੀ, ਸੁਣਵਾਈ ਅੱਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin