ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕਰਨ ਦੇ ਫੈਸਲੇ ਨੂੰ ‘ਦਲੇਰੀ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਵਾਤਾਵਰਣ ਪ੍ਰਦੂਸ਼ਣ ਰੋਕਣ ਅਤੇ ਸੂਬੇ ਨੂੰ ਮੁੜ ਹਰਾ-ਭਰਾ ਬਣਾਉਣ ਲਈ ਦ੍ਰਿੜ ਵਚਨਬੱਧ ਹੈ। 


ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕੰਗ ਨੇ ਕਿਹਾ ਕਿ ਆਪ ਪੰਜਾਬ ਦੇ ਪਾਣੀ, ਜੰਗਲ ਅਤੇ ਹਵਾ ਦੀ ਰਾਖੀ ਲਈ, ਸੂਬੇ ਨੂੰ ਖੁਸ਼ਹਾਲ ਬਣਾਉਣ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਚਨਬੱਧ ਹੈ। ਅਤੇ ਇਹ ਫ਼ੈਸਲਾ ਜਨਤਾ ਦੀਆਂ ਜਾਇਜ਼ ਚਿੰਤਾਵਾਂ ਪ੍ਰਤੀ ਮੁੱਖ ਮੰਤਰੀ ਮਾਨ ਦੀ ਦ੍ਰਿੜਤਾ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।


ਪੰਜਾਬ ਵਿੱਚ ਵਾਤਾਵਰਨ ਦੀ ਸੰਭਾਲ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕੰਗ ਨੇ ਕਿਹਾ ਕਿ ਸੂਬੇ ਵਿੱਚ ਮੌਜੂਦਾ ਵਾਤਾਵਰਨ ਦੀ ਖ਼ਰਾਬ ਹਾਲਤ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਜ਼ਿੰਮੇਵਾਰ ਹਨ।


ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ ਕਿਉਂਕਿ ਕੇਂਦਰ ਪੰਜਾਬ ਦੇ ਵਾਤਾਵਰਣ ਅਤੇ ਵਾਤਾਵਰਣ ਪ੍ਰਣਾਲੀ 'ਤੇ ਇਸ ਦੇ ਮਾੜੇ ਪ੍ਰਭਾਵਾਂ ਨੂੰ ਨਜ਼ਰਅੰਦਾਜ਼ ਕਰਕੇ ਇਸ ਜ਼ਮੀਨ 'ਤੇ 1000 ਏਕੜ ਦਾ ਇੱਕ  ਟੈਕਸਟਾਈਲ ਪਾਰਕ ਵਿਕਸਤ ਕਰਨਾ ਚਾਹੁੰਦਾ ਸੀ।


ਕੰਗ ਨੇ ਕਿਹਾ ਕਿ ਮੱਤੇਵਾੜਾ ਜੰਗਲ ਲੁਧਿਆਣਾ ਦੀ ਹਵਾ ਨੂੰ ਸ਼ੁੱਧ ਕਰਦਾ ਹੈ ਅਤੇ ਜੀਵੰਤ ਜੰਗਲੀ ਜੀਵਾਂ ਦਾ ਘਰ ਹੈ ਅਤੇ ਆਪ ਦੀ ਪੰਜਾਬ ਸਰਕਾਰ ਉੱਥੇ ਕਿਸੇ ਨੂੰ ਵੀ ਈਕੋ ਸਿਸਟਮ ਵਿਗਾੜ ਕੇ ਉਦਯੋਗਿਕ ਯੂਨਿਟ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਟੈਕਸਟਾਈਲ ਪਾਰਕ ਦੇ ਵਿਕਾਸ ਲਈ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦਿੱਤੀ ਜਾਵੇਗੀ।


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।