ਚੰਡੀਗੜ੍ਹ: ਬਹਿਬਲ ਕਾਂਡ ਵਿੱਚ ਘਿਰੇ ਤਿੰਨ ਪੁਲਿਸ ਅਫਸਰਾਂ ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ ਤੇ ਪ੍ਰਦੀਪ ਸਿੰਘ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਹੋਣ ਮਗਰੋਂ ਰੂਪੋਸ਼ ਹੋ ਗਏ ਹਨ। ਉਧਰ, ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਦੇ ਭਾਲ ਤੇਜ਼ ਕਰ ਦਿੱਤੀ ਹੈ। ਇਨ੍ਹਾਂ ਅਫਸਰਾਂ ਦਾ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ।

ਯਾਦ ਰਹੇ ਸ਼ਨੀਵਾਰ ਨੂੰ ਫਰੀਦਕੋਟ ਦੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਇਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਸੀ। ਇਸ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵਧ ਗਈ ਹੈ। ਇਸ ਨੂੰ ਵੇਖਦਿਆਂ ਤਿੰਨੇ ਪੁਲਿਸ ਅਫਸਰ ਰੂਪੋਸ਼ ਹੋ ਗਏ ਹਨ।

ਸਿੱਟ ਕੋਲ ਵੀ ਹੁਣ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਬਿਨਾ ਕੋਈ ਚਾਰਾ ਨਹੀਂ। ਸਿੱਟ ਨੇ ਐਸਪੀ ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਤੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ 29 ਜਨਵਰੀ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ ਜੋ ਹੁਣ ਰੱਦ ਹੋ ਗਈ ਹੈ।

ਇਸ ਮਗਰੋਂ ਪੁਲਿਸ ਅਫਸਰ ਰੂਪੋਸ਼ ਹੋ ਗਏ ਹਨ। ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ 90 ਦਿਨਾਂ ਅੰਦਰ ਚਲਾਨ ਅਦਾਲਤ ਵਿੱਚ ਪੇਸ਼ ਕਰਨਾ ਹੈ। ਇਸ ਤੋਂ ਪਹਿਲਾਂ ਉਹ ਤਿੰਨੇ ਅਧਿਕਾਰੀਆਂ ਤੋਂ ਪੁੱਛ-ਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਸਿੱਟ ਇਨ੍ਹਾਂ ਦੀ ਗ੍ਰਿਫਤਾਰੀ ਲਈ ਸਰਗਰਮ ਹੋ ਗਈ ਹੈ।