ਚੰਡੀਗੜ੍ਹ:ਰਾਮ ਰਹੀਮ ਬਲਾਤਕਾਰ ਕੇਸ ਵਿੱਚ ਆ ਰਹੇ ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ 25 ਅਗਸਤ ਨੂੰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਰਾਮ ਰਹੀਮ ਕੇਸ ਦੇ ਸਬੰਧ ਵਿੱਚ ਆ ਰਹੇ ਫੈਸਲੇ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਇਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਾਲਤ ਆਮ ਵਰਗੀ ਹੋਣ ਤੱਕ ਹਥਿਆਰ ਚੁੱਕ ਕੇ ਚੱਲਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਲਾਇਸੈਂਸ ਹੋਲਡਰਾਂ ਨੂੰ ਹਥਿਆਰ ਅਤੇ ਗੋਲੀ ਸਿੱਕਾ ਵੇਚਣ ਵਾਲੇ ਪ੍ਰਾਇਵੇਟ ਗੰਨ ਹਾਉਸਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਵੀ.ਵੀ.ਆਈ.ਪੀ. ਸੁਰੱਖਿਆ ਵਿੱਚ ਲੱਗੇ 1000 ਪੁਲਿਸ ਮਲਾਜ਼ਮਾਂ ਨੂੰ ਵਾਪਸ ਸੱਦ ਕੇ ਫੀਲਡ ਡਿਊਟੀ 'ਤੇ ਤਾਇਨਾਤ ਕਰ ਦਿੱਤਾ ਹੈ ਤਾਂ ਜੋ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਲਾਅ ਐਂਡ ਆਰਡਰ ਐਚ.ਐਸ. ਢਿੱਲੋਂ ਮੌਜੂਦ ਸਨ।
ਬੁਲਾਰੇ ਅਨੁਸਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਕੇਂਦਰ ਨੇ ਸੂਬੇ ਵਾਸਤੇ ਨੀਮ ਫੌਜੀ ਬਲਾਂ ਦੀਆਂ 10 ਵਾਧੂ ਕੰਪਨੀਆਂ ਦੀ ਮੰਜ਼ੂਰੀ ਦਿੱਤੀ ਹੈ। ਮੋਗਾ, ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ ਅਤੇ ਲੁਧਿਆਣਾ ਵਰਗੇ ਨਾਜ਼ੁਕ ਇਲਾਕਿਆਂ ਵਿੱਚ ਅਤਿ ਚੌਕਸੀ ਵਰਤਣ ਲਈ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 85 ਕੇਂਦਰੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਨਾਜ਼ੁਕ ਜ਼ਿਲ੍ਹਿਆਂ 'ਤੇ ਨੇੜੀਓਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਾਨੂੰਨ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ। ਹਰਿਆਣਾ ਨਾਲ ਲਗਦੀ ਸਰਹੱਦ 'ਤੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਹੇਠਲੇ ਪੱਧਰ 'ਤੇ ਸਥਿਤੀ 'ਤੇ ਨਿਗਰਾਨੀ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਤੋਂ ਪਹਿਲਾਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਜੀ.ਪੀ. ਵੱਖ-ਵੱਖ ਨਾਜ਼ੁਕ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਡੀ.ਜੀ.ਪੀ. ਇੰਟੈਲੀਜੈਂਸ ਨੂੰ ਸੋਸ਼ਲ ਮੀਡੀਆ 'ਤੇ ਸਖਤ ਨਿਗਰਾਨੀ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਏ ਜਾਣ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਿਆ ਜਾ ਸਕੇ।
ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਬਾਰੇ ਖੂਫੀਆ ਰਿਪੋਰਟਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਡੇਰੇ ਦੇ ਨਾਮ ਚਰਚਾ ਘਰਾਂ ਵਿੱਚ ਪੈਟਰੋਲ ਅਤੇ ਹਥਿਆਰ ਇਕੱਠੇ ਕਰਨ ਵਿਰੁੱਧ ਪੁਲਿਸ ਨੂੰ ਤਿੱਖੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤੱਤਾਂ ਨਾਲ ਕਰੜੇ ਢੰਗ ਨਾਲ ਨਿਪਟਣ ਲਈ ਕਿਹਾ ਹੈ।
ਬੁਲਾਰੇ ਅਨੁਸਾਰ ਪੁਲਿਸ ਨੇ ਡੇਰੇ ਦੇ ਸ਼ੱਕੀ ਪੈਰੋਕਾਰਾਂ ਕੋਲੋਂ ਪੰਜ ਵਾਕੀ-ਟਾਕੀ ਪ੍ਰਾਪਤ ਕੀਤੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਖਤਰਨਾਕ ਹਥਿਆਰ ਰੱਖਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਸ਼ੱਕੀ ਥਾਵਾਂ 'ਤੇ ਨੇੜੀਓਂ ਨਜ਼ਰ ਰੱਖੀ ਜਾ ਰਹੀ ਹੈ। ਬੁਲਾਰੇ ਅਨੁਸਾਰ ਪੁਲਿਸ ਹਰ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਕ ਵਾਰੀ ਫੇਰ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਤੱਤਾਂ ਦੀ ਭਟਕਾਹਟ ਵਿੱਚ ਨਾ ਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ।