PM Modi Punjab Visit: ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਕਿਸਾਨ ਔਖੇ, ਵਿਰੋਧ ਦੇ ਖਦਸ਼ੇ ਨੂੰ ਵੇਖਦਿਆਂ ਸੁਰੱਖਿਆ ਏਜੰਸੀਆਂ ਚੌਕਸ
Ferozepur Rally: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਥੇਬੰਦੀ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਦੇ ਵਿਰੋਧ ਲਈ ਪੰਜਾਬ ਭਰ ਵਿੱਚ ਮੀਟਿੰਗਾਂ ਕਰ ਕੇ ਤਿਆਰੀਆਂ ਕੀਤੀਆਂ ਗਈਆਂ ਹਨ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਫਿਰੋਜ਼ਪੁਰ ਰੈਲੀ (Ferozepur Rally) ਤੋਂ ਕਿਸਾਨ ਖਫਾ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੇ ਵਿਰੋਧ ਦੀ ਖਦਸ਼ਾ ਹੈ। ਇਸ ਲਈ ਖੁਫੀਆ ਤੇ ਸੁਰੱਖਿਆ ਏਜੰਸੀਆਂ (security agencies on Alert) ਚੌਕਸ ਹੋ ਗਈਆਂ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੇ ਵਿਰੋਧ ਦੀਆਂ ਤਿਆਰੀਆਂ ਕਰ ਰਹੀ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (Kisan-Mazdoor Sangharsh Committee) ਦੇ ਲੀਡਰ ਸਤਨਾਮ ਸਿੰਘ ਪੰਨੂ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਸਾਲ ਭਰ ਬਾਰਡਰਾਂ ਉੱਤੇ ਬਿਠਾਉਣ ਤੇ 750 ਕਿਸਾਨਾਂ ਦੀ ਸ਼ਹੀਦੀ ਲਈ ਭਾਜਪਾ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਰੈਲੀ ਕਰਨ ਦਾ ਨੈਤਿਕ ਹੱਕ ਨਹੀਂ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਥੇਬੰਦੀ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਦੇ ਵਿਰੋਧ ਲਈ ਪੰਜਾਬ ਭਰ ਵਿੱਚ ਮੀਟਿੰਗਾਂ ਕਰ ਕੇ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ 23 ਫਸਲਾਂ ਦੀ ਸਰਕਾਰੀ ਖਰੀਦ ਦੀ ਗਾਰੰਟੀ ਵਾਲਾ ਐਮਐਸਪੀ ਦਾ ਕਾਨੂੰਨ ਬਣਾਉਣ ਸਣੇ ਛੇ ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕੀਤੀਆਂ ਗਈਆਂ। ਇਸ ਲਈ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਈ ਸੜਕੀ ਰੂਟ ਬੰਦ ਕਰਕੇ ਨਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਈ ਹਸਪਤਾਲ ਰਿਜ਼ਰਵ ਰੱਖ ਲਏ ਗਏ ਹਨ।
ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ ਇੱਕ ਲੱਖ ਕੁਰਸੀਆਂ ਲਾਈਆਂ ਜਾ ਰਹੀਆਂ ਹਨ। ਅੱਠ ਫੁੱਟ ਉੱਚੀ ਤੇ ਸੱਠ ਫੁੱਟ ਚੌੜੀ ਸਟੇਜ ਵੀ ਤਿਆਰ ਹੋ ਚੁੱਕੀ ਹੈ। ਟੈਂਟ ਦਾ ਸਾਮਾਨ ਅੰਮ੍ਰਿਤਸਰ ਤੋਂ ਮੰਗਵਾਇਆ ਜਾ ਰਿਹਾ ਹੈ। ਚਾਰ ਹੈਲੀਪੈਡ ਰੈਲੀ ਵਾਲੇ ਸਥਾਨ ਤੇ ਤਿੰਨ ਹੈਲੀਪੈਡ ਬਾਰਡਰ ਰੋਡ ’ਤੇ ਬਣਾਏ ਜਾ ਰਹੇ ਹਨ।
ਰੈਲੀ ਸਥਾਨ ਤੋਂ ਕੁਝ ਦੂਰੀ ’ਤੇ ਸਥਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਪਾਰਕਿੰਗ ਬਣਾਈ ਗਈ ਹੈ ਤੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਰੈਲੀ ਸਥਾਨ ਤੋਂ ਛੇ ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Cabinet: ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਸਰਕਾਰ ਕਰੇਗੀ ਵੱਡੇ ਐਲਾਨ, ਅੱਜ ਪੰਜਾਬ ਕੈਬਨਿਟ 'ਚ ਲੱਗੇਗੀ ਮੋਹਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: