ਅੰਮ੍ਰਿਤਸਰ: 6 ਜੂਨ ਨੂੰ ਸਿੱਖ ਸੰਗਤ ਵੱਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਿਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਘੱਲੂਘਾਰਾ ਹਫਤੇ 'ਚ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ 'ਤੇ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਮੋਬਾਇਲ ਕਮਾਂਡ 'ਤੇ ਕੰਟਰੋਲ ਵੈਨ, ਜਿਸ 'ਤੇ ਪੰਜ ਕੈਮਰੇ ਲੱਗੇ ਹੋਏ ਹਨ, ਘੀ ਮੰਡੀ ਸਮੇਤ ਵੱਖ-ਵੱਖ ਰਸਤਿਆਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ।



ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਬਾਹਰਲੇ ਵਹੀਕਲਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਦਕਿ ਲੋਕਲ ਵਹੀਕਲ 'ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੂੰ ਹੀ ਦਰਬਾਰ ਸਾਹਿਬ ਵੱਲ ਜਾਣ ਦੀ ਇਜਾਜਤ ਦਿੱਤੀ ਜਾ ਰਹੀ ਹੈ। ਅੰਮ੍ਰਿਤਸਰ 'ਚ ਇਸ ਵਾਰ ਇਕ ਦਰਜਨ ਦੇ ਕਰੀਬ ਬਾਹਰਲੇ ਜ਼ਿਲਿਆਂ ਪਠਾਨਕੋਟ, ਬਟਾਲਾ, ਗੁਰਦਾਸਪੁਰ, ਮੋਗਾ, ਤਰਨ ਤਾਰਨ, ਲੁਧਿਆਣਾ, ਹੁਸ਼ਿਆਰਪੁਰ, ਬਰਨਾਲਾ, ਮੁਕਤਸਰ, ਅੰਮ੍ਰਿਤਸਰ ਦਿਹਾਤੀ, ਜਲੰਧਰ ਦਿਹਾਤੀ ਆਦਿ ਜ਼ਿਲ੍ਹਿਆਂ ਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਟੀਮਾਂ ਲਗਾਤਾਰ ਸ਼ਹਿਰ 'ਚ ਪੈਟ੍ਰੋਲਿੰਗ ਕਰ ਰਹੇ ਹਨ। ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸ ਕਾਰਨ ਸ਼ਹਿਰ ਦੇ ਦਾਖ਼ਲਾ ਪੁਆਇੰਟਾਂ ਉੱਪਰ ਵਿਸ਼ੇਸ਼ ਨਾਕਾਬੰਦੀ ਕਰ ਕੇ ਹਰ ਆਉਣ ਜਾਣ ਵਾਲੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਨਾਕਿਆਂ 'ਤੇ ਨੀਮ ਫੌਜੀ ਜਵਾਨ ਵੀ ਤਾਇਨਾਤ ਕੀਤੇ ਗਏ ਹਨ ਤੇ ਸ਼ਹਿਰ ਅੰਦਰ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਅਤੇ ਡੀ.ਸੀ.ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸ਼ਹਿਰ ਦੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਤਪਰ ਰਹਿਣ ਲਈ ਕਿਹਾ ਹੈ। ਉਨ੍ਹਾਂ ਗਲਿਆਰਾ ਇਲਾਕੇ ਦੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ। 6 ਜੂਨ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਕਿਸੇ ਤਰ੍ਹਾਂ ਦੀ ਵੀ ਭੀੜ ਇਕੱਠੀ ਕਰਨ ’ਤੇ ਮਨਾਹੀ ਕੀਤੀ ਗਈ ਹੈ।
 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਵਿੱਚ ਹੋਇਆ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਉਨ੍ਹਾਂ ਨੇ ਆਖਿਆ ਕਿ ਜੂਨ 1984 ’ਚ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸ਼ਹੀਦ ਹੋਏ ਸਨ। ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 6 ਜੂਨ ਨੂੰ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ।