ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ।

ਲੌਂਗੋਵਾਲ ਨੇ ਦੱਸਿਆ ਕਿ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਲਾਨਾ ਚੋਣ ਹਰ ਸਾਲ ਨਵੰਬਰ ਮਹੀਨੇ ਵਿੱਚ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ। ਇਸੇ ਤਹਿਤ ਇਸ ਵਾਰ ਦਾ ਇਜਲਾਸ 27 ਨਵੰਬਰ, 2019 ਨੂੰ ਹੋਵੇਗਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਗਲੇ ਸਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਬੰਦੀ ਛੋੜ ਦਿਵਸ ਦਾ 400 ਸਾਲਾ ਤੇ ਭਗਤ ਨਾਮਦੇਵ ਜੀ ਦਾ 750 ਸਾਲਾ ਪ੍ਰਕਾਸ਼ ਦਿਹਾੜਾ ਵੀ ਸ਼ਾਨੋ-ਸ਼ੌਕਤ ਨਾਲ ਮਨਾਏ ਜਾਣਗੇ।