ਚੰਡੀਗੜ੍ਹ: ਸੀਨੀਅਰ ਬੀਜੇਪੀ ਲੀਡਰ ਤੇ ਸਾਬਕਾ ਮੰਤਰੀ ਬੀਰੇਂਦਰ ਸਿੰਘ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰੇ ਕਰ ਰਹੇ ਕਿਸਾਨਾਂ ਵਿਚਾਲੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਨਿਕਲ ਸਕਦਾ ਹੈ। ਸਾਬਕਾ ਮੰਤਰੀ ਨੇ ਹਿਸਾਰ ’ਚ ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹੋਈ ਹਿੰਸਕ ਝੜਪ ਦੀ ਨਿਖੇਧੀ ਵੀ ਕੀਤੀ।

ਉਨ੍ਹਾਂ ਟਵੀਟ ਕੀਤਾ, ‘ਅਜਿਹੀਆਂ ‘ਅਣਚਾਹੀਆਂ’ ਘਟਨਾਵਾਂ ਮੁੜ ਵਾਪਰਨ ਤੋਂ ਰੋਕਣ ਲਈ ਮਸਲੇ ਦੀ ਜੜ੍ਹ ਤੱਕ ਜਾਣ ਦੀ ਲੋੜ ਹੈ। ਕੀ ਸਰਕਾਰ ਨੂੰ ਇਸ ਮਾਮਲੇ ’ਚ ਕੋਈ ਹੋਰ ਕਦਮ ਨਹੀਂ ਚੁੱਕਣਾ ਚਾਹੀਦਾ ਤੇ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਨੀ ਚਾਹੀਦੀ? ਇਸ ਮਸਲੇ ਦਾ ਹੱਲ ਲੱਭਣ ਲਈ ਹੋਰ ਦੇਰ ਨਹੀਂ ਕੀਤੀ ਜਾਣੀ ਚਾਹੀਦੀ।’

ਉਧਰ, ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਰਵੱਈਏ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਵਰਗ ਵੀ ਇੱਕ ਮੰਚ ’ਤੇ ਇਕੱਤਰ ਹੋਣ। ਉਨ੍ਹਾਂ ਭਾਜਪਾ ਤੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਤਿੱਖੀ ਲੜਾਈ ਦਾ ਸੱਦਾ ਦਿੱਤਾ।

ਪੰਜਾਬ ਭਰ ਵਿੱਚ ਸਵਾ ਸੌ ਤੋਂ ਵੱਧ ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅੱਗੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੂੰਜੀਪਤੀ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਲਈ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਵੱਲੋਂ ਧਾਰੀ ਗਈ ਬੇਰੁਖੀ ਕਾਰਨ ਲਗਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਲੋੜ ਹੈ।

ਬੁਲਾਰਿਆਂ ਨੇ ਹਰਿਆਣਾ ਵਿੱਚ ਐਤਵਾਰ ਨੂੰ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਸਬਕ ਸਿਖਾਇਆ ਹੈ, ਉਸੇ ਤਰ੍ਹਾਂ ਦੇਸ਼ ਦੇ ਲੋਕਾਂ ਨੂੰ ਭਾਜਪਾ ਖ਼ਿਲਾਫ਼ ਇੱਕਜੁਟ ਹੋਣਾ ਪਵੇਗਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦਾ ਏਕਤਾ ਤੇ ਸੰਘਰਸ਼ ਹੀ ਭਾਜਪਾ ਨੂੰ ਕਾਰਪੋਰੇਟ ਦੀ ਸੇਵਾ ਦੀ ਥਾਂ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕਰੇਗਾ। 

 





ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ