ਬਰਨਾਲ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ । ਇਸ ਸੰਘਰਸ਼ ਦੇ ਚਲਦਿਆਂ ਅੱਜ ਬਰਨਾਲਾ ਦੀ ਤਰਕਸ਼ੀਲ ਭਵਨ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ।


ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਅੱਜ ਦੀ ਇਸ ਸੂਬਾ ਪੱਧਰੀ ਮੀਟਿੰਗ ਵਿੱਚ ਦੋ ਮੁੱਦਿਆਂ 'ਤੇ ਚਰਚਾ ਹੋਈ ਹੈ।ਉਨ੍ਹਾਂ ਦੱਸਿਆ ਕਿ ਪੰਜ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੁਜ਼ਫਰਨਗਰ ਯੂਪੀ ਵਿਖੇ ਇਕ ਮਹਾਰੈਲੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ।ਇਸ ਮਹਾਂਰੈਲੀ 'ਚ ਸ਼ਾਮਲ ਹੋਣ ਲਈ ਜਥੇਬੰਦੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਚਾਰ ਸਤੰਬਰ ਨੂੰ ਮੁਜ਼ੱਫ਼ਰਨਗਰ ਵੱਲ ਪੰਜਾਬ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ,ਨੌਜਵਾਨਾਂ,ਔਰਤਾਂ ਦੇ ਕਾਫਲੇ ਰਵਾਨਾ ਹੋਣਗੇ।


ਇਸ ਤੋਂ ਇਲਾਵਾ ਦੂਜਾ ਮੁੱਦਾ ਪੰਜਾਬ ਦੀਆਂ ਸੱਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਲੜੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨਾ ਹੈ । ਇਸ ਸੰਘਰਸ਼ ਤਹਿਤ ਮਜ਼ਦੂਰ ਜਥੇਬੰਦੀਆਂ ਵੱਲੋਂ ਤਿੰਨ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਇਜਲਾਸ ਮੌਕੇ ਕਾਂਗਰਸ ਦੀ ਕੈਪਟਨ ਸਰਕਾਰ ਵਿਰੁੱਧ ਪਿੰਡ-ਪਿੰਡ ਰੋਸ ਮਾਰਚ ਕੀਤੇ ਜਾਣਗੇ।ਜਿਸ ਦੀ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਹਮਾਇਤ ਕੀਤੀ ਜਾਵੇਗੀ। 


ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਆਧਾਰ ਵਾਲੇ ਪਿੰਡਾਂ ਵਿੱਚ ਵੱਧ ਤੋਂ ਵੱਧ ਪੇਂਡੂ ਖੇਤ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਨ੍ਹਾਂ ਮਜ਼ਦੂਰ ਜਥੇਬੰਦੀਆਂ ਵੱਲੋਂ 13 ਸਤੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘਿਰਾਓ ਸਮੇਂ ਜੱਥੇਬੰਦੀ ਵੱਲੋਂ ਸਹਿਯੋਗ ਕੀਤਾ ਜਾਵੇਗਾ।ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸਿਰਫ ਬੀਜੇਪੀ ਦਾ ਹੀ ਵਿਰੋਧ ਕੀਤਾ ਜਾਣਾ ਚਾਹੀਦਾ ਹੈ ਅਤੇ ਹੋਰਨਾਂ ਪਾਰਟੀਆਂ ਦੇ ਲੀਡਰਾਂ ਨੂੰ ਸਵਾਲ ਕੀਤਾ ਜਾਵੇ।