ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 'ਚ ਹਲਚਲ
ਏਬੀਪੀ ਸਾਂਝਾ | 24 Aug 2018 01:04 PM (IST)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪੂਰੀ ਹੱਲਚਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 22 ਅਗਸਤ ਨੂੰ 72 ਘੰਟਿਆਂ ਦੇ ਨੋਟਿਸ ‘ਤੇ ਅੰਤ੍ਰਿੰਗ ਕਮੇਟੀ ਦੀ ਅੱਜ ਹੰਗਾਮੀ ਮੀਟਿੰਗ ਸੱਦੀ ਸੀ ਪਰ ਸਿੱਖ ਹਲਕਿਆਂ ਵਿੱਚ ਚਰਚਾ ਕਰਕੇ ਇਸ ਨੂੰ ਟਾਲ ਦਿੱਤਾ ਹੈ। ਇਹ ਮੀਟਿੰਗ ਹੁਣ ਭਲਕੇ 25 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏਗੀ। ਪਹਿਲਾਂ ਇਹ ਮੀਟਿੰਗ 24 ਅਗਸਤ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ ਸੱਦੀ ਗਈ ਸੀ। ਦਰਅਸਲ ਹੰਗਾਮੀ ਮੀਟਿੰਗ ਸੱਦਣ ਤੋਂ ਬਾਅਦ ਚਰਚਾ ਸੀ ਕਿ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖ਼ਤ ਦਾ ਜਥੇਦਾਰ ਬਣਾਇਆ ਜਾ ਸਕਦਾ ਹੈ ਪਰ ਇਨ੍ਹਾਂ ਰਿਪੋਰਟਾਂ ਨੂੰ ਰਾਜੋਆਣਾ ਤੇ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਬੜੇ ਨਾਟਕੀ ਢੰਗ ਨਾਲ 4 ਅਗਸਤ ਨੂੰ ਗਿਆਨ ਗੁਰਮੁੱਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾਇਆ ਸੀ। ਗਿਆਨੀ ਗੁਰਮੁੱਖ ਸਿੰਘ ਵੱਲੋਂ ਬਾਦਲਾਂ ਖਿਲਾਫ ਮੋਰਚਾ ਖੋਲ੍ਹਣ ਕਰਕੇ ਸਜ਼ਾ ਵਜੋਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਗਿਆਨ ਗੁਰਮੁੱਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾਉਣ ਮਗਰੋਂ ਉਨ੍ਹਾਂ ਦਾ ਭਰਾ ਹਿੰਮਤ ਸਿੰਘ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਦਿੱਤੇ ਬਿਆਨਾਂ ਤੋਂ ਪਲਟ ਗਏ ਸੀ। ਮੀਡੀਆ ਵਿੱਚ ਇਨ੍ਹਾਂ ਸਾਰੀਆਂ ਕੜੀਆਂ ਨੂੰ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾ ਰਹੀ ਹੈ। ਇਸ ਰਿਪੋਰਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਰਗਾੜੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਆਦਿ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਉਂਗਲ ਉੱਠੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਕੋਰਾ ਝੂਠ ਤੇ ਉਨ੍ਹਾਂ ਖਿਲਾਫ ਸਾਜ਼ਿਸ਼ ਕਰਾਰ ਦੇ ਰਿਹਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਤੀਕਰਮ ਪੇਸ਼ ਕਰਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਵੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸੇ ਦਿਸ਼ਾ ਵਿੱਚ ਕੋਈ ਅਗਲਾ ਫੈਸਲਾ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਇਸ ਰਿਪੋਰਟ ਨੂੰ ਰੱਦ ਕਰਨ ਦਾ ਮਤਾ ਵੀ ਪਾ ਸਕਦੀ ਹੈ।