ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੋਈ। ਇਸ ਮੌਕੇ ਦੋਵਾਂ ਧਿਰਾਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਲਈ ਸਹਿਮਤੀ ਦਿੱਤੀ ਗਈ।


ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਗਵੰਤਪਾਲ ਸਿੰਘ ਸੱਚਰ ਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਪ੍ਰਤੀਨਿਧ ਬਾਬਾ ਨੌਰੰਗ ਸਿੰਘ ਮੌਜੂਦ ਰਹੇ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾਂ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਮੌਕੇ ਇਹ ਸੰਦੇਸ਼ ਸਮੁੱਚੀ ਦੁਨੀਆਂ ਅੰਦਰ ਜਾਵੇ।

ਉਨ੍ਹਾਂ ਕਿਹਾ ਕਿ ਇਸੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਗਠਤ ਕੀਤੀ ਗਈ ਸੀ। ਬੈਠਕ ਦੌਰਾਨ ਹਰ ਮੈਂਬਰ ਦਾ ਹੁੰਗਾਰਾ ਹਾਂ-ਪੱਖੀ ਰਿਹਾ ਹੈ। ਦੋਹਾਂ ਧਿਰਾਂ ਨੇ ਇਸ ਗੱਲ ਨੂੰ ਮਹਿਸੂਸ ਕੀਤਾ ਹੈ ਕਿ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣੇ ਚਾਹੀਦੇ ਹਨ। ਲੌਂਗੋਵਾਲ ਨੇ ਇਕੱਤਰਤਾ ਦੇ ਨਤੀਜੇ ਸਾਥਰਕ ਨਿਕਲਣ ਦੀ ਆਸ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨੁਮਾਇੰਦੇ ਭੇਜਣ ਲਈ ਧੰਨਵਾਦ ਕੀਤਾ।

ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕੱਤਰਤਾ ’ਚ ਹੋਏ ਵਿਚਾਰ-ਵਟਾਂਦਰੇ ਨੂੰ ਮੁੱਖ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝਾ ਕੀਤਾ ਜਾਵੇਗਾ। ਮੁੱਖ ਮੰਤਰੀ ਨਾਲ ਇਕੱਤਰਤਾ ਮਗਰੋਂ ਆਉਂਦੇ ਦਿਨਾਂ ਵਿਚ ਪ੍ਰੋਗਰਾਮਾਂ ਸਬੰਧੀ ਰੂਪ ਰੇਖਾ ਦੱਸੀ ਜਾਵੇਗੀ।