ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ, 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਦੀ ਯਾਤਰਾ 'ਤੇ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ, 2019 ਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਜ਼ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।