Punjab News: ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਖ਼ਿਲਾਫ਼ ਅਗਲੀ ਰਣਨੀਤੀ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਸੱਦੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਇਸ ਮੀਟਿੰਗ ਵਿੱਚ ਕੀ ਫੈਸਲਾ ਹੋ ਸਕਦਾ ਹੈ, ਬਾਰੇ ਕੁਝ ਵੀ ਖੁਲਾਸਾ ਕਰਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਫ਼ੈਸਲੇ ਤੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦਾ ਕਾਨੂੰਨੀ ਰਾਹ ਖੁੱਲ੍ਹਾ ਹੈ ਤੇ ਇਸ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿਚ ਵਿਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੇ ਇਸ ਸਬੰਧੀ ਕੋਈ ਸਮਾਂ ਨਹੀਂ ਦਿੱਤਾ ਹੈ।
ਉਧਰ, ਸ਼੍ਰੋਮਣੀ ਕਮੇਟੀ ਲਈ ਨਵੀਂ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਉਣ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਉੱਠਣ ਲੱਗ ਪਈ ਹੈ।
ਇਹ ਮੰਗ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚਲੇ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਤਿੰਨ ਗੁਰਦੁਆਰਿਆਂ ਦੀ ਹਾਲਤ ਹੋਰਨਾਂ ਗੁਰਦੁਆਰਿਆਂ ਨਾਲੋਂ ਸੁਧਾਰਨ ਦੀ ਲੋੜ ਹੈ, ਪਰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਦੇ ਪ੍ਰਬੰਧਾਂ ਵੱਲ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸੈਕਟਰ-44 ਦੇ ਗੁਰਦੁਆਰਾ ਬਾਗ ਸ਼ਹੀਦਾਂ ਤੇ ਮਨੀਮਾਜਰਾ ਵਿਚਲੇ ਦੋ ਗੁਰਦੁਆਰਿਆਂ ਵਿੱਚ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ। ਪੰਥਕ ਵਿਚਾਰ ਮੰਚ, ਚੰਡੀਗੜ੍ਹ ਨੇ ਮੰਗ ਕੀਤੀ ਕਿ ਹਰਿਆਣਾ ਦੇ ਨਾਲ-ਨਾਲ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।