ਪ੍ਰਕਾਸ਼ ਪੁਰਬ ਸਬੰਧੀ ਬਣਾਈ ਤਾਲਮੇਲ ਕਮੇਟੀ ਦੀ ਬੈਠਕ ’ਚ ਫਿਰ ਨਹੀਂ ਪੁੱਜੇ ਪੰਜਾਬ ਸਰਕਾਰ ਦੇ ਨੁਮਾਇੰਦੇ
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤਾਲਮੇਲ ਕਮੇਟੀ ਦੀ ਅੱਜ ਇਕੱਤਰਤਾ ਸੱਦੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਤਰਫੋਂ ਜਥੇਦਾਰ ਤੋਤਾ ਸਿੰਘ ਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਨੁਮਾਇੰਦੇ ਬਾਬਾ ਨਾਰੰਗ ਸਿੰਘ ਮੌਜੂਦ ਸਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਨਹੀਂ ਭੇਜਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿਚ ਅਗਲੇ ਆਦੇਸ਼ ਲਈ ਪੱਤਰ ਲਿਖਿਆ ਹੈ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਇਕੱਠਿਆਂ ਮਨਾਉਣ ਲਈ ਤਾਲਮੇਲ ਕਮੇਟੀ ਦੀ ਇਕੱਤਰਤਾ ’ਚ ਅੱਜ ਫੇਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤਾਲਮੇਲ ਕਮੇਟੀ ਦੀ ਅੱਜ ਇਕੱਤਰਤਾ ਸੱਦੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਤਰਫੋਂ ਜਥੇਦਾਰ ਤੋਤਾ ਸਿੰਘ ਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਨੁਮਾਇੰਦੇ ਬਾਬਾ ਨਾਰੰਗ ਸਿੰਘ ਮੌਜੂਦ ਸਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਨਹੀਂ ਭੇਜਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿਚ ਅਗਲੇ ਆਦੇਸ਼ ਲਈ ਪੱਤਰ ਲਿਖਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੋ ਅੱਜ ਇਥੇ ਮੁੱਖ ਦਫ਼ਤਰ ਵਿਖੇ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝੇ ਯਤਨਾਂ ਨੂੰ ਬੂਰ ਨਹੀਂ ਪੈਣ ਦੇ ਰਹੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਾਲਮੇਲ ਕਮੇਟੀ ਲਈ ਆਪਣੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ 18 ਜੁਲਾਈ ਨੂੰ ਪੱਤਰ ਲਿਖਿਆ ਸੀ। ਇਸ ਮਗਰੋਂ 14 ਅਗਸਤ ਨੂੰ ਤਾਲਮੇਲ ਕਮੇਟੀ ਦੀ ਰੱਖੀ ਗਈ ਇਕੱਤਰਤਾ ਵਿਚ ਪੰਜਾਬ ਸਰਕਾਰ ਦੇ ਨੁਮਾਇੰਦੇ ਨਾ ਪੁੱਜਣ ਮਗਰੋਂ 16 ਅਗਸਤ ਨੂੰ ਮੁੜ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 6 ਸਤੰਬਰ ਦੀ ਮੁੜ ਮੀਟਿੰਗ ਰੱਖਣ ਮਗਰੋਂ ਉਹ ਇਕ ਉੱਚ ਪੱਧਰੀ ਵਫ਼ਦ ਸਮੇਤ ਨਿੱਜੀ ਤੌਰ ’ਤੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸੀ, ਜਿਸ ਦੌਰਾਨ ਉਨ੍ਹਾਂ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰੇ ਮਗਰੋਂ ਸੂਚਿਤ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਮੁੱਚੇ ਸਮਾਗਮ ਰਲ-ਮਿਲ ਕੇ ਹੋਣ ਤੇ ਮੁੱਖ ਸਮਾਗਮ ਸਮੇਤ ਸਾਰੇ ਧਾਰਮਿਕ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ, ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇ। ਇਸ ਤੋਂ ਪਹਿਲਾਂ ਵੀ ਹਰ ਸ਼ਤਾਬਦੀ ਸਮੇਂ ਅਜਿਹਾ ਹੀ ਹੁੰਦਾ ਆਇਆ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਨੁਮਾਇੰਦਾ ਧਾਰਮਿਕ ਸੰਸਥਾ ਹੈ, ਜੋ ਪੰਥਕ ਇਕਜੁਟਤਾ ਦੀ ਹਾਮੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਸਹਿਯੋਗ ਕਰੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਾਰੇ ਸਮਾਗਮਾਂ ਸਮੇਂ ਦੇਸ਼ ਵਿਦੇਸ਼ ਦੀ ਹਰ ਪ੍ਰਮੁੱਖ ਸ਼ਖ਼ਸੀਅਤ ਤੇ ਸੰਗਤਾਂ ਦਾ ਬਰਾਬਰ ਸਤਿਕਾਰ ਹੋਵੇਗਾ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ, ਤਾਂ ਜੋ ਗੁਰੂ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਅਨੁਸਾਰ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।