ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਲਈ ਕਾਹਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪ੍ਰਚਾਰ ਲਈ ਹੁਕਮ ਦਿੱਤਾ ਜਾਵੇਗਾ ਤਾਂ ਉਹ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ‘ਚ ਨਿਤਰਨ ਲਈ ਭੋਰਾ ਦੇਰ ਨਹੀਂ ਲਾਉਣਗੇ।


ਲੌਂਗੋਵਾਲ ਨੇ ਬੜੀ ਬੇਬਾਕੀ ਨਾਲ ਕਿਹਾ ਕਿ ਉਨ੍ਹਾਂ ਦਾ ਵਜੂਦ ਹੀ ਅਕਾਲੀ ਹੈ, ਫਿਰ ਉਹ ਪਾਰਟੀ ਦੇ ਚੋਣ ਪ੍ਰਚਾਰ ਤੋਂ ਮੁਨਕਰ ਕਿਵੇਂ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਜਿੱਥੇ ਉਹ ਅਕਾਲੀ ਦਲ ਦੇ ਮੈਂਬਰ ਹਨ, ਉੱਥੇ ਅਕਾਲੀ ਦਲ ਦੀ ਟਿਕਟ ‘ਤੇ ਹੀ ਸ਼੍ਰੋਮਣੀ ਕਮੇਟੀ ਦੇ ਵੀ ਮੈਂਬਰ ਵੀ ਬਣੇ| ਅਜਿਹੇ ‘ਚ ਅਕਾਲੀ ਦਲ ਦੀ ਹੈਸੀਅਤ ‘ਚ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਹਾਈਕਮਾਂਡ ਵੱਲੋਂ ਹਾਲੇ ਤਾਈਂ ਚੋਣ ਪ੍ਰਚਾਰ ‘ਚ ਕਿਤੇ ਵੀ ਉਸ ਦੀ ਡਿਊਟੀ ਨਹੀਂ ਲਾਈ ਗਈ। ਉਨ੍ਹਾਂ ਆਖਿਆ ਕਿ ਜੇ ਹਾਈਕਮਾਂਡ ਨੇ ਮੁਨਾਸਬ ਸਮਝਿਆ ਤਾਂ ਉਹ ਸੁਖਬੀਰ ਬਾਦਲ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਆਖਿਆ ਕਿ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ ਸਿੱਖਾਂ ’ਤੇ ਗੋਲੀ ਚਲਾਉਣ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਪਰ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੌੜੀ ਸਿਆਸਤ ਨਹੀਂ ਹੋਣੀ ਚਾਹੀਦੀ ਪਰ ਅਫ਼ਸੋਸ ਕਿ ਕਾਂਗਰਸ ਤੇ ਹੋਰ ਪਾਰਟੀਆਂ ਸਿਰਫ਼ ਸਿਆਸਤ ਹੀ ਕਰ ਰਹੀਆਂ ਹਨ।