ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ।


ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ।

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ ਇਸ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਪਾਸ ਨਹੀਂ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁਝ ਕੇ ਮਾਮਲੇ ਵਿੱਚ ਦਖ਼ਲ ਦੇ ਰਹੀ ਹੈ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਬੈਠਕ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ।