(Source: ECI/ABP News)
ਪਾਕਿਸਤਾਨ ’ਚ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ, ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
![ਪਾਕਿਸਤਾਨ ’ਚ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ, ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਐਡਵੋਕੇਟ ਧਾਮੀ SGPC condemns killing of two Sikhs in Pakistan, ensures safety of Sikhs, Advocate Dhami ਪਾਕਿਸਤਾਨ ’ਚ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ, ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਐਡਵੋਕੇਟ ਧਾਮੀ](https://feeds.abplive.com/onecms/images/uploaded-images/2022/04/26/6024e0bc3dd43ccaf6b64ad81cf7b4fd_original.webp?impolicy=abp_cdn&imwidth=1200&height=675)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ। ਇਸੇ ਤਰ੍ਹਾਂ ਘੱਟ ਗਿਣਤੀਆਂ ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸਾਂਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਤੇ ਸਿੱਖ ਉਥੋਂ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਾਉਂਦੇ ਹਨ।
ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।
ਦੱਸ ਦਈਏ ਕਿ ਪਾਕਿਸਤਾਨ ਦੇ ਪੇਸ਼ਾਵਰ 'ਚ ਐਤਵਾਰ ਨੂੰ ਕੁਝ ਅਣਪਛਾਤੇ ਹਥਿਆਰਬੰਦਾਂ ਵੱਲੋਂ ਦੋ ਸਿੱਖ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਪੇਸ਼ਾਵਰ ਦੇ ਸਰਬੰਦ ਇਲਾਕੇ ਦੀ ਹੈ। ਗੋਲੀ ਲੱਗਣ ਕਾਰਨ ਦੋਨਾਂ ਭਰਾਵਾਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਛਾਣ ਕੁਲਜੀਤ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ।ਦੋਨੋਂ ਭਰਾ ਕਰਿਆਨੇ ਦੀ ਦੁਕਾਨ ਚਲਾਉਂਦੇ ਸੀ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਇਸ ਘਟਨਾ ਦਾ ਨੋਟਿਸ ਲਿਆ ਤੇ ਪੁਲਿਸ ਦੇ ਇੰਸਪੈਕਟਰ ਜਨਰਲ ਨੂੰ ਹੱਤਿਆ ਵਿੱਚ ਸ਼ਾਮਲ ਲੋਕਾਂ ਦੀ ਤੁਰੰਤ ਗ੍ਰਿਫਤਾਰੀ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਹਿਮੂਦ ਖਾਨ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਤੇ ਦੁਖਦਾਈ ਹੈ। ਇਸ ਘਿਨਾਉਣੇ ਕਤਲ ਵਿੱਚ ਸ਼ਾਮਲ ਤੱਤ ਕਾਨੂੰਨ ਦੀ ਸ਼ਹਿ ਤੋਂ ਬਚ ਨਹੀਂ ਸਕਦੇ। ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਅਹਿਦ ਵੀ ਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)