ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ (Release of Bandi Singhs) ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਇੱਕ ਬਿਆਨ ਵਿੱਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ, ਜਿਸ ਸੰਦਰਭ ਵਿੱਚ ਸੱਦੀ ਗਈ ਬੈਠਕ ਅਹਿਮ ਹੈ।
ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ, ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ, ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਸਬੰਧੀ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ, ਪਰ ਫਿਰ ਵੀ ਸਮੇਂ ਦੀ ਘਾਟ ਕਾਰਨ ਜਿਨ੍ਹਾਂ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ, ਉਹ ਵੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ।
ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ, ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਜਾਣ ਵਾਲੇ ਸਾਂਝੇ ਪੰਥਕ ਯਤਨਾਂ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਸਿਰ ਜੋੜ ਕੇ ਬੈਠਣਾ ਬੇਹੱਦ ਲਾਜ਼ਮੀ ਹੈ। ਦਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸੱਦੀ ਗਈ ਇਹ ਪੰਥਕ ਇਕੱਤਰਤਾ ਸਵੇਰ ਦੇ 11:00 ਵਜੇ ਆਰੰਭ ਹੋਵੇਗੀ।
ਇਹ ਵੀ ਪੜ੍ਹੋ: ਸ਼ਾਹੀਨ ਬਾਗ 'ਚ ਬੁਲਡੋਜ਼ਰ ਚਲਾਉਣ ਦੇ ਮਾਮਲੇ 'ਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ