ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਬੰਦ ਪਈ ਟਰਾਂਸਪੋਰਟ ਸਰਵਿਸ ਤਹਿਤ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅੱਗੇ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਨੂੰ ਜਾਣ ਵਾਲੀ ਬੱਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਪੇਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਬਣੇ ਹਾਂ-ਪੱਖੀ ਮਾਹੌਲ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਬੱਸ ਮੁੜ ਸ਼ੁਰੂ ਕਰਵਾਉਣ ਤੇ ਵੀਜ਼ਾ ਅੰਮ੍ਰਿਤਸਰ ਤੋਂ ਹੀ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ।


ਸ਼੍ਰੋਮਣੀ ਗੁਰਦੁਆਰਾ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਭਾਰਤ ਦੇ ਨਾਗਰਿਕ ਹਨ ਤੇ ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਉਹ ਪਾਕਿ ਕੋਲੋਂ ਨਹੀਂ, ਬਲਕਿ ਭਾਰਤ ਸਰਕਾਰ ਕੋਲ ਹੀ ਇਹ ਮੰਗ ਕਰਨਗੇ, ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਹੁਣ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ ਹਾਂ-ਪੱਖੀ ਮਾਹੌਲ ਬਣਿਆ ਹੈ ਤੇ ਸ਼੍ਰੋਮਣੀ ਕਮੇਟੀ ਇਸ ਸਬੰਧੀ ਪੂਰੀ ਤਰ੍ਹਾਂ ਆਸਵੰਦ ਹੈ।


ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਗਿਣਤੀ ਘਟਣ ਬਾਰੇ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਉਹ ਸ਼ਰਤਾਂ ਨੂੰ ਥੋੜ੍ਹਾ ਨਰਮ ਕਰਨ ਤਾਂ ਕਿ ਸ਼ਰਧਾਲੂਆਂ ਨੂੰ ਕਰਤਾਰਪੁਰ ਜਾਣ ਵਿੱਚ ਕੋਈ ਮੁਸ਼ਕਿਲ ਨਾ ਆਵੇ। ਇਸ ਦੇ ਨਾਲ ਹੀ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਵੀ ਸੁਖਾਲਾ ਬਣਾਉਣ ਲਈ ਕਿਹਾ ਜਾਏਗਾ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਨਾਲ ਕਰਤਾਰਪੁਰ ਲਾਂਘੇ ਸਬੰਧੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।