ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਜੂਨੀਅਰ ਮੀਤ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ।


ਪਿਛਲੇ ਵਰ੍ਹੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਕੁੱਲ 191 ਮੈਂਬਰ ਹਨ ਜਿਨ੍ਹਾਂ ਵਿੱਚੋਂ 16 ਮੈਂਬਰ ਅਕਾਲ ਚਲਾਣਾ ਕਰ ਗਏ ਹਨ ਤੇ ਦੋ ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ 174 ਐਸਜੀਪੀਸੀ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੇ ਸੱਦਾ ਪੱਤਰ ਭੇਜਿਆ ਹੈ। ਇਸ ਇਜਲਾਸ ਦੌਰਾਨ ਉਪਰੋਕਤ ਅਹੁਦਿਆਂ ਲਈ ਚੋਣ ਹੋਵੇਗੀ। ਇਸ ਤੋਂ ਇਲਾਵਾ ਭਲਕੇ ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਵੀ ਸੱਦੀ ਗਈ ਹੈ ਜਦਕਿ 27 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ।