SGPC Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਨਵੀਂ ਚੁਣੌਤੀ ਆਣ ਖੜ੍ਹੀ ਹੈ। ਇਸ ਵਾਰ ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਨਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਅਜੇ ਤੱਕ ਕੁਝ ਸਪਸ਼ਟ ਨਹੀਂ ਹੋ ਸਕਿਆ। ਬੀਬੀ ਜਗੀਰ ਕੌਰ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਪ੍ਰਧਾਨਗੀ ਦੀ ਚੋਣ ਲੜਣਗੇ। ਹੁਣ ਜਾਂ ਤਾਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਨਾਂ ਉੱਪਰ ਹੀ ਮੋਹਰ ਲਾਉਣੀ ਪਏਗਾ ਜਾਂ ਫਿਰ ਪਾਰਟੀ ਅੰਦਰ ਨਵੀਂ ਸਫਾਬੰਦੀ ਸ਼ੁਰੂ ਹੋ ਜਾਏਗੀ।


ਦਰਅਸਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ 9 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿੱਚ ਹੋਣ ਵਾਲੀ ਚੋਣ ਮੌਕੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਲਈ ਆਪਣਾ ਬਹੁਮਤ ਕਾਇਮ ਰੱਖਣਾ ਵੀ ਇੱਕ ਹੋਰ ਵੱਡੀ ਚੁਣੌਤੀ ਬਣ ਗਿਆ ਹੈ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਆਪਣੇ ਪੱਧਰ ’ਤੇ ਚੋਣ ਲੜਨ ਦੇ ਰੌਂਅ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਮਨਾਉਣ ਦਾ ਹਰ ਸੰਭਵ ਯਤਨ ਕੀਤਾ ਗਿਆ ਪਰ ਫ਼ਿਲਹਾਲ ਇਹ ਯਤਨ ਸਫ਼ਲ ਨਹੀਂ ਹੋ ਸਕੇ ਜਿਸ ਕਾਰਨ ਚੁਣੌਤੀ ਵਧਦੀ ਜਾ ਰਹੀ ਹੈ। 



ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਸਣੇ ਅੰਤਰਿੰਗ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕਰਨ ਲਈ ਨੌਂ ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸਿੱਖ ਸੰਸਥਾ ਦੀ ਸੇਵਾ ਕਰਨ ਦੀ ਆਪਣੀ ਇੱਛਾ ਪ੍ਰਗਟ ਕੀਤੀ ਹੈ ਤਾਂ ਇਸ ਵਿਚ ਕੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਉਮੀਦਵਾਰ ਦਾ ਨਾਂ ਉਸੇ ਦਿਨ ਲਿਫ਼ਾਫ਼ੇ ਵਿੱਚੋਂ ਕੱਢਣ ਦੀ ਥਾਂ ਇਕ ਜਾਂ ਦੋ ਦਿਨ ਪਹਿਲਾਂ ਐਲਾਨ ਦਿੱਤਾ ਜਾਣਾ ਚਾਹੀਦਾ ਹੈ। 


ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਬੀਬੀ ਜਗੀਰ ਕੌਰ ਵੱਲੋਂ ਹੁਣ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ 170 ਮੈਂਬਰ ਚੁਣੇ ਹੋਏ ਤੇ 15 ਮੈਂਬਰ ਨਾਮਜ਼ਦ ਹੁੰਦੇ ਹਨ। ਇਨ੍ਹਾਂ ਤੋਂ ਇਲਾਵਾ ਤਖ਼ਤਾਂ ਦੇ ਜਥੇਦਾਰ ਵੀ ਹਾਊਸ ਦੇ ਮੈਂਬਰ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ। 


ਮੌਜੂਦਾ ਜਨਰਲ ਹਾਊਸ ਵਿੱਚੋਂ ਸ਼੍ਰੋਮਣੀ ਕਮੇਟੀ ਦੇ 26 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਰ ਜਨਰਲ ਇਜਲਾਸ ਵਿਚ ਸ਼ਾਮਲ ਹੋਣ ਬਾਰੇ 157 ਮੈਂਬਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਗਪਗ 125 ਮੈਂਬਰ ਹਨ ਜਦੋਂ ਕਿ ਵਿਰੋਧੀ ਧਿਰ ਵਿੱਚ 25 ਤੋਂ 30 ਮੈਂਬਰ ਹਨ। ਮੌਜੂਦਾ ਹਾਊਸ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਸਬੰਧਤ ਕਈ ਮੈਂਬਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੀ ਹਨ।