ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਤੁਰੰਤ ਐਲਾਨ ਕੀਤਾ ਜਾਵੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਹੋਈਆਂ ਨੂੰ ਬਾਰਾਂ ਸਾਲ ਹੋ ਗਏ ਹਨ। ਐਸਜੀਪੀਸੀ ਚੋਣਾਂ ਕਰਵਾਉਣ ਪ੍ਰਤੀ ਨਾ ਤਾਂ ਕੇਂਦਰ ਸਰਕਾਰ ਗੰਭੀਰ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਉਪਰਾਲੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਕਿਉਂਕਿ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਜੇ ਤੱਕ ਪੰਜਾਬ ਸਰਕਾਰ ਨੇ ਸਟਾਫ ਨਹੀਂ ਦਿੱਤਾ, ਜਦ ਕਿ ਡੇਢ ਸਾਲ ਪਹਿਲਾਂ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਗਈ ਸੀ।

 

ਜਿਸ ਕਾਰਨ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੀਆਂ ਚੋਣਾਂ ਨਾ ਕਰਵਾ ਕੇ ਜਮਹੂਰੀਅਤ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਵਿੱਦਿਅਕ ਅਦਾਰੇ ਖੜੋਤ 'ਚ ਹਨ ਅਤੇ ਐੱਸਜੀਪੀਸੀ ਦੀ ਜ਼ਮੀਨ ਵੀ ਖੁੱਸਦੀ ਜਾ ਰਹੀ ਹੈ। ਜਿਸ ਲੀਡਰਸ਼ਿਪ ਦੀ ਅਗਵਾਈ ਵਿੱਚ ਐਸਜੀਪੀਸੀ ਚੱਲ ਰਹੀ ਹੈ ,ਉਹ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੇ ਕਈ ਵਾਰ ਚੋਣਾਂ ਦੌਰਾਨ ਨਕਾਰ ਦਿੱਤਾ ਹੈ, ਜਿਸ ਕਾਰਨ ਹੁਣ ਐਸ.ਜੀ.ਪੀ.ਸੀ  ਚੋਣਾਂ ਕਰਵਾਉਣੀਆਂ ਜ਼ਰੂਰੀ ਹਨ। 

 

ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਜਿਸ ਤਹਿਤ 24 ਸਤੰਬਰ ਨੂੰ ਪੰਜਾਬ ਦੇ ਰਾਜਪਾਲ  ਭਵਨ ਦੇ ਸਾਹਮਣੇ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਦਾਰ ਭਾਈ ਰਣਜੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਿਆਸੀ ਧਿਰਾਂ ਇਸ ਬਾਰੇ ਸਿਆਸਤ ਨਾ ਕਰਨ ਅਤੇ ਅਮਲੀ ਤੌਰ 'ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। 

 

ਜਥੇਦਾਰ ਭਾਈ ਰਣਜੀਤ ਸਿੰਘ ਦਾ ਕਹਿਣਾ ਸੀ ਕਿ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਪੱਚੀ ਤੀਹ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਨਹੀਂ ਕੀਤੇ ਗਏ ,ਜਿਸ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲਟਕਦਾ ਹੀ ਜਾ ਰਿਹਾ ਹੈ।  ਇਸ ਮੌਕੇ ਐਸਜੀਪੀਸੀ ਦੀ ਕਾਰਜਕਾਰਨੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ,ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰੇ ਜੋਗਾ ਸਿੰਘ ਚੱਪੜ , ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਅੰਮ੍ਰਿਤ ਸਿੰਘ ਰਤਨਗਡ਼੍ਹ ਮੁੱਖ ਦਫਤਰ ਸਕੱਤਰ , ਜਸਬੀਰ ਸਿੰਘ ਧਾਲੀਵਾਲ ਮੀਤ ਪ੍ਰਧਾਨ ਪੰਥਕ ਅਕਾਲੀ ਲਹਿਰ ਆਦਿ ਹਾਜ਼ਰ ਸਨ।