ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਟੱਕਰ ਦੇਣ ਲਈ ਅਹਿਮ ਪੰਥਕ ਧਿਰਾਂ ਨੇ ਹੱਥ ਮਿਲਾਇਆ ਹੈ। ਸਿੱਖ ਧਿਰਾਂ ਨੇ ਇਸ ਏਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਹ ਸਾਰੀਆਂ ਧਿਰਾਂ ਬਾਦਲ ਪਰਿਵਾਰ ਦੀਆਂ ਮੁੱਖ ਵਿਰੋਧੀ ਹਨ। ਇਸ ਲਈ ਇਨ੍ਹਾਂ ਦਾ ਏਕਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ।


ਦੱਸ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਇੱਕਜੁੱਟ ਹੋਣ ਦਾ ਐਲਾਨ ਕੀਤਾ ਹੈ।


ਇਨ੍ਹਾਂ ਸਾਰੀਆਂ ਧਿਰਾਂ ਨੇ ਮੰਗਲਵਾਰ ਨੂੰ ਲੰਧਰ ਵਿਖੇ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਇਕੱਠੇ ਹੋ ਕੇ ਲੜਨ ਦਾ ਫੈਸਲਾ ਕੀਤਾ ਹੈ। ਬਾਬਾ ਸਰਬਜੋਤ ਸਿੰਘ ਬੇਦੀ ਤੇ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣਾਂ ਲੜਨ।


ਇਨ੍ਹਾਂ ਪੰਜਾਂ ਆਗੂਆਂ ਨੇ ਕਿਹਾ ਕਿ ਸਾਰੇ ਸ਼੍ਰੋਮਣੀ ਕਮੇਟੀ ਹਲਕਿਆਂ ਤੋਂ ਉਹੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਜਿਹੜੇ ਨਿਰੋਲ ਪੰਥਕ ਤੇ ਅੰਮ੍ਰਿਤਧਾਰੀ ਹੋਣ। ਇਨ੍ਹਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖੁਦ ਨਹੀਂ ਲੜਨਗੇ। ਜਿਹੜੇ ਆਗੂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਈ ਜਾਵੇਗੀ, ਉਸ ਨੂੰ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਾਈ ਜਾਵੇਗੀ।


ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ, ਪੰਜਾਬ ਕਾਂਗਰਸ 'ਚ ਨਹੀਂ ਹੋਵੇਗਾ ਕੋਈ ਫੇਰਬਦਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ