ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿੱਚ ਜਿੱਥੇ ਪੰਥਕ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਸਤਲੁਜ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਐਸ ਜੀ ਪੀ ਸੀ ਪ੍ਰਧਾਨ ਨੇ ਮੈਂਬਰਾਂ ਨੂੰ ਆਪੋ ਆਪਣੇ ਹਲਕਿਆਂ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਆਖਿਆ ਗਿਆ।
ਇਸ ਦੇ ਨਾਲ ਹੀ ਐਸਜੀਪੀਸੀ ਪ੍ਰਧਾਨ ਨੇ ਹਰ ਪਿੰਡ ਅਤੇ ਸ਼ਹਿਰ ਵਿੱਚ ਗੁਰੂ ਘਰਾਂ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮੁਕੰਮਲ ਜਾਣਕਾਰੀ ਰੱਖਣ ਦਾ ਆਦੇਸ਼ ਵੀ ਕਮੇਟੀ ਮੈਂਬਰਾਂ ਨੂੰ ਦਿੱਤਾ। ਕਾਰਜਕਾਰਨੀ ਦੀ ਬੈਠਕ ਵਿੱਚ ਦੂਜਾ ਸਭ ਤੋਂ ਅਹਿਮ ਫ਼ੈਸਲਾ ਪੰਜਾਬ ਤੋਂ ਬਾਹਰਲੇ ਸੂਬਿਆਂ ਅਤੇ ਵਿਦੇਸ਼ਾਂ ਤੋਂ ਵਾਲੇ ਸ਼ਰਧਾਲੂਆਂ ਸਰਾਂਵਾਂ ਦੀ ਬੁਕਿੰਗ ਆਨ ਲਾਈਨ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਮੌਕੇ ਉੱਤੇ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਕੋਈ ਦਿੱਕਤ ਨਾ ਹੋਵੇ।
ਮੀਟਿੰਗ ਵਿੱਚ ਤੀਜਾ ਸਭ ਤੋਂ ਅਹਿਮ ਫ਼ੈਸਲਾ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕੀਤਾ ਗਿਆ। ਇਸ ਮੁੱਦੇ ਉੱਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਸਮਰਥਨ ਕਰਦੇ ਹੋਏ ਰਾਸ਼ਟਰਪਤੀ ਨੂੰ ਅਪੀਲ ਕੀਤੀ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।