ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅਹਿਮਦ ਭੱਟੀ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਗਾਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ।


ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵਾਬ ਰਾਏ ਬੁਲਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਛੋਟੀ ਉਮਰ ਵਿਚ ਹੀ ਉਨ੍ਹਾਂ ਅੰਦਰੋਂ ਰੱਬੀ ਜੋਤਿ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਵੱਡਾ ਸਤਿਕਾਰ ਦਿੱਤਾ।


ਐਡਵੋਕੇਟ ਧਾਮੀ ਨੇ ਸਰਕਾਰਾਂ ’ਤੇ ਇਤਰਾਜ਼ ਜਿਤਾਇਆ ਕਿ ਸ਼੍ਰੋਮਣੀ ਕਮੇਟੀ ਨੇ ਨਵਾਬ ਰਾਏ ਬੁਲਾਰ ਦੀ ਤਸਵੀਰ ਲਗਾਉਣ ਲਈ ਉਨ੍ਹਾਂ ਦੇ ਵੰਜ਼ਸ਼ਾਂ ਨੂੰ ਕਈ ਵਾਰ ਸੱਦਾ ਭੇਜਿਆ, ਪਰ ਵੀਜ਼ਾ ਨਾ ਦਿੱਤੇ ਜਾਣ ਕਰਕੇ ਉਹ ਸ਼ਾਮਲ ਨਹੀਂ ਹੋ ਸਕੇ। ਸ਼੍ਰੋਮਣੀ ਕਮੇਟੀ ਚਾਹੁੰਦੀ ਸੀ ਕਿ ਉਨ੍ਹਾਂ ਦੇ ਵੰਜ਼ਸ਼ ਇਸ ਮੌਕੇ ’ਤੇ ਜ਼ਰੂਰ ਮੌਜੂਦ ਹੁੰਦੇ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਲਵਿੰਦਰ ਜਟਾਣਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਪਾਣੀਆਂ ਦੇ ਰਖਵਾਲੇ ਇਸ ਸੰਘਰਸ਼ੀ ਯੋਧੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਰੜਾ ਵਿਰੋਧ ਕੀਤਾ। ਐਡਵੋਕੇਟ ਧਾਮੀ ਨੇ ਪੰਜਾਬ ਦੇ ਪਾਣੀਆਂ ਦੇ ਮਾਮਲੇ ’ਤੇ ਸਰਕਾਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਹ ਪੰਜਾਬ ਦਾ ਅਤਿ ਅਹਿਮ ਤੇ ਸੰਵੇਦਨਸ਼ੀਲ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਨਾਲ ਬਿਨਾਂ ਮਤਲਬ ਛੇੜ ਛਾੜ ਅਤੇ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਟਾਣਾ ਦੇ ਸਾਥੀ ਚਰਨਜੀਤ ਸਿੰਘ ਦਾ ਜ਼ਿਕਰ ਕਰਕੇ ਉਨ੍ਹਾਂ ਨੂੰ ਵੀ ਯਾਦ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਕੀਤੇ ਪੰਥਕ ਕਾਰਜਾਂ ਨੂੰ ਵੀ ਚੇਤੇ ਕੀਤਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: