ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਦੇ ਗਵਾਹ ਬਣਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਦਿੱਤਾ ਹੈ। ਇਸ ਬਾਰੇ 'ਏਬੀਪੀ ਸਾਂਝਾ' ਨੂੰ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਜਗਤ ਦੇ ਗੁਰੂ ਸਨ। ਇਸ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਨਗਰ ਕੀਰਤਨ ਲਈ ਸੱਦਾ ਭੇਜਿਆ ਹੈ ਪਰ ਜੇ ਇਮਰਾਨ ਖਾਨ ਚਾਹੁਣ ਤਾਂ ਭਾਰਤ ਵੀ ਆ ਸਕਦੇ ਹਨ। ਇਕੱਲੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਪੱਤਰ ਦਿੱਤੇ ਜਾਣ 'ਤੇ ਕਾਂਗਰਸ ਵੱਲੋਂ ਇਤਰਾਜ਼ ਬਾਰੇ ਉਨ੍ਹਾਂ ਕਿਹਾ ਕਿ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ। ਉਹ ਅੱਜ ਵੀ ਇਸ ਗੱਲ ਲਈ ਵਚਨਬੱਧ ਹਨ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਰਲ ਕੇ ਜਨਮ ਸ਼ਤਾਬਦੀ ਮਨਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਣ ਵਾਲੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਤੇ ਉਹ ਇਸ ਦਾ ਸਵਾਗਤ ਕਰਦੇ ਹਨ।