ਚੰਡੀਗੜ੍ਹ: ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਲਈ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੇਵਾ ਮੁਕਤ ਜੱਜ ਨੂੰ ਇਸ ਕਮਿਸ਼ਨ ਦਾ ਇੰਚਾਰਜ ਲਾ ਕੇ ਪਹਿਲਾਂ ਹੀ ਆਸ ਖ਼ਤਮ ਕਰ ਦਿੱਤੀ ਕਿਉਂਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਉਣੀ ਚਾਹੀਦੀ ਸੀ।


ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬੀਆਂ ਦੇ ਧਾਰਮਿਕ ਮਸਲਿਆਂ ਨੂੰ ਹੱਲ ਕਰਨ ਲਈ ਕਦੀ ਵੀ ਗੰਭੀਰ ਨਹੀਂ ਰਹੀ। ਲੌਂਗੋਵਾਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਵੀ ਸੂਚਨਾ ਦੇਣ ਵਾਲਿਆਂ ਦੀ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਜਦਕਿ ਗੁਪਤ ਰੂਪ ਵਿੱਚ ਇਨ੍ਹਾਂ ਮਾਮਲਿਆਂ ਦੀ ਕੋਈ ਪੜਤਾਲ ਨਹੀਂ ਕੀਤੀ ਜਾ ਰਹੀ।

ਟਾਈਟਲਰ ਦੇ ਵੀਡੀਓ ਮਾਮਲੇ 'ਚ ਲੌਂਗੋਵਾਲ ਨੇ ਕਿਹਾ ਕਿ ਇਸ ਵੀਡੀਓ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਜਗਦੀਸ਼ ਟਾਈਟਲਰ ਸਿੱਖਾਂ ਦਾ ਕਾਤਲ ਹੈ। ਉਸ ਵੱਲੋਂ ਦਿੱਤੇ ਬਿਆਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਪਿੱਛੇ ਗਾਂਧੀ ਪਰਿਵਾਰ ਦਾ ਹੱਥ ਸੀ। ਉਨ੍ਹਾਂ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਤਾਂ ਜੋ ਲੰਮੇ ਸਮੇਂ ਤੋਂ ਇਨਸਾਫ਼ ਲਈ ਜੂਝ ਰਹੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਨੂੰ ਜੀ.ਐਸ.ਟੀ. ਦੇ ਘੇਰੇ ਤੋਂ ਬਾਹਰ ਰੱਖਣ ਦੇ ਮਾਮਲੇ 'ਚ ਉਨ੍ਹਾਂ ਕੇਂਦਰ ਸਰਕਾਰ ਤੋਂ ਮੁੜ ਇਸ ਮਾਮਲੇ 'ਚ ਰਾਹਤ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਨੂੰ ਵੀ ਇਹ ਮਾਮਲਾ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ।