ਲੌਂਗੋਵਾਲ ਨੇ ਅਨੰਦ ਮੈਰਿਜ ਐਕਟ ਦਾ ਸਿਹਰਾ ਸੁਖਬੀਰ ਸਿਰ ਬੰਨ੍ਹਿਆ
ਏਬੀਪੀ ਸਾਂਝਾ | 04 Feb 2018 03:19 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿੱਚ ਅਨੰਦ ਮੈਰਿਜ ਐਕਟ ਲਾਗੂ ਕਰਾਉਣ ਦਾ ਸਿਹਰਾ ਸੁਖਬੀਰ ਬਾਦਲ ਤੇ ਮਨਜੀਤ ਸਿੰਘ ਜੀ.ਕੇ. ਦੇ ਸਿਰ ਬੰਨ੍ਹਿਆ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪਰ ਅਕਾਲੀ ਲੀਡਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਹੀ ਅਨੰਦ ਮੈਰਿਜ ਐਕਟ ਲਾਗੂ ਕਰਵਾਇਆ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਮਨਜੀਤ ਸਿੰਘ ਜੀ.ਕੇ. ਤੇ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ। ਇਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਮੇ ਸਮੇਂ ਤੋਂ ਅਨੰਦ ਮੈਰਿਜ ਐਕਟ ਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਰਹੀ ਹੈ। ਇਹ ਪ੍ਰਸੰਨਤਾ ਦੀ ਗੱਲ ਹੈ ਕਿ ਹੁਣ ਤਕ ਭਾਰਤ ਦੇ ਕਈ ਸੂਬਿਆਂ ਅੰਦਰ ਇਸ ਨੂੰ ਮਾਨਤਾ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅਨੰਦ ਮੈਰਿਜ ਐਕਟ ਨੂੰ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਲਾਗੂ ਕਰਾਉਣ ਲਈ ਕਦਮ ਚੁੱਕੇ ਜਾਣ ਤਾਂ ਜੋ ਸਿੱਖ ਇਸ ਐਕਟ ਅਧੀਨ ਆਪਣੇ ਅਨੰਦ ਕਾਰਜ ਰਜਿਸਟਰਡ ਕਰਵਾ ਸਕਣ।