ਅੰਮ੍ਰਿਤਸਰ: ਜਿਸ ਦਿਨ ਤੋਂ ਬੇਅਦਬੀ ਘਟਨਾਵਾਂ ਤੇ ਗੋਲ਼ੀਕਾਂਡਾਂ ਦੀ ਜਾਂਚ ਕਰ ਰਹੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲੀਕ ਹੋਈ ਹੈ, ਉਦੋਂ ਤੋਂ ਹੀ ਕੋਈ ਨਾ ਕੋਈ ਨਵਾਂ ਵਿਵਾਦ ਉੱਠ ਰਿਹਾ ਹੈ। ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੇਅਦਬੀ ਘਟਨਾਵਾਂ ਦੀ ਜਾਂਚ ਕਰਨ ਵਾਲੇ ਕਮਿਸ਼ਨ 'ਤੇ ਹੀ ਬੇਅਦਬੀ ਕਰਨ ਦੇ ਦੋਸ਼ ਲਾਏ ਹਨ। ਅੱਜ ਅੰਮ੍ਰਿਤਸਰ ਵਿਖੇ ਸੱਦੀ ਗਈ ਹੰਗਾਮੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਐਸਜੀਪੀਸੀ ਨੇ ਦਾਅਵਾ ਕੀਤਾ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪੱਤਰਿਆਂ ਨੂੰ ਮਾਲਖਾਨੇ ਵਿੱਚ ਰੱਖ ਕੇ ਖ਼ੁਦ ਹੀ ਪਾਵਨ ਗੁਰਬਾਣੀ ਦੀ ਬੇਅਦਬੀ ਕਰਨ ਦਾ ਘੋਰ ਅਪਰਾਧ ਕੀਤਾ ਹੈ। ਇਸ ਤੋਂ ਇਲਾਵਾ ਐਸਜੀਪੀਸੀ ਵੱਲੋਂ ਕਾਂਗਰਸ ਦੀ ਸੂਬਾ ਸਰਕਾਰ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਵਿਰੁੱਧ ਸ਼ਬਦੀ ਹਮਲੇ ਕੀਤੇ। ਬਿਆਨ ਵਿੱਚ ਲਿਖਿਆ ਗਿਆ ਹੈ ਕਿ ਕਮੇਟੀ ਪਿਛਲੇ ਸਾਲ ਸਤੰਬਰ ਵਿੱਚ ਹੋਈ ਇਕੱਤਰਤਾ ਦੌਰਾਨ ਹੀ ਇਸ ਕਮਿਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਹੁਣ ਕਮਿਸ਼ਨ ਦੀ ਰਿਪੋਰਟ ਨੂੰ ਵੀ ਰੱਦ ਕੀਤਾ ਜਾਂਦਾ ਹੈ। ਕਮੇਟੀ ਨੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਕਮਿਸ਼ਨ ਨੇ ਕਾਂਗਰਸ ਸਰਕਾਰ ਮੁਤਾਬਕ ਇਹ ਰਿਪੋਰਟ ਤਿਆਰ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਮੰਗੀ ਕੀਤੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ। ਕਮੇਟੀ ਨੇ ਰਣਜੀਤ ਸਿੰਘ ਕਮਿਸ਼ਨ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ।