ਲੁਧਿਆਣਾ: ਆਮ ਆਦਮੀ ਪਾਰਟੀ ਦੇ ਯੂਥ ਮੈਨੀਫੈਸਟੋ ਦੀ ਤੁਲਨਾ ਧਾਰਮਿਕ ਗ੍ਰੰਥ ਨਾਲ ਕਰਨ ਤੇ ਮੈਨੀਫੈਸਟੋ ਉੱਤੇ ਦਰਬਾਰ ਸਾਹਿਬ ਦੀ ਤਸਵੀਰ ਨਾਲ ਚੋਣ ਨਿਸ਼ਾਨ ਝਾੜੂ ਲਾਉਣ ਤੋਂ ਬਾਅਦ ਆਪ ਲਗਾਤਾਰ ਘਿਰਦੀ ਜਾ ਰਹੀ ਹੈ। ਇਸੇ ਮੁੱਦੇ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪ ਆਗੂਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।



ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਸ਼ੀਸ ਖੇਤਾਨ ਤੇ ਕੰਵਰ ਸੰਧੂ ਖ਼ਿਲਾਫ਼ ਕੇਸ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ। ਆਪਣੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਇਸ ਹਰਕਤ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪੂਰੇ ਮਾਮਲੇ ਉੱਤੇ ਮੰਗੀ ਗਈ ਮੁਆਫ਼ੀ ਨੂੰ ਵੀ ਖ਼ਾਰਜ ਕਰ ਦਿੱਤਾ ਹੈ।

ਇਸ ਕਰਕੇ ਸ਼੍ਰੋਮਣੀ ਕਮੇਟੀ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਆਗੂ ਅਸ਼ੀਸ਼ ਖੇਤਾਨ ਵਿਰੁੱਧ ਅਦਾਲਤ ਵਿੱਚ ਕੇਸ ਦਰਜ ਕਰਾਏਗੀ। ਯਾਦ ਰਹੇ ਕਿ ਇਸ ਤੋਂ ਪਹਿਲਾਂ ਅਸ਼ੀਸ਼ ਖੇਤਾਨ ਖ਼ਿਲਾਫ਼ ਅੰਮ੍ਰਿਤਸਰ ਤੇ ਫ਼ਰੀਦਕੋਟ ਵਿੱਚ ਪੁਲਿਸ ਕੇਸ ਦਰਜ ਕਰ ਚੁੱਕੀ ਹੈ। ਪੂਰੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਪਹਿਲੀ ਵਾਰ ਧਿਰ ਬਣਾਇਆ ਜਾ ਰਿਹਾ ਹੈ।