ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਪੰਜ ਨਵੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ 2011 ਵਿੱਚ ਹੋਈਆਂ ਚੋਣਾਂ ਨੂੰ ਹਰੀ ਝੰਡੀ ਦਿੱਤੇ ਜਾਣ ਮਗਰੋਂ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਤੋਂ ਬਾਅਦ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਪਲੇਠੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਮਿਲਣ ਕਰਕੇ ਪੰਜ ਨਵੰਬਰ ਨੂੰ ਜਨਰਲ ਇਜਲਾਸ ਦੀ ਪਹਿਲੀ ਮੀਟਿੰਗ ਸੱਦੀ ਗਈ ਹੈ। ਇਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਹ ਮੀਟਿੰਗ ਪੰਜ ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਹੋਵੇਗੀ।

ਇਨ੍ਹਾਂ ਵਿੱਚ ਜਥੇਦਾਰ ਅਵਤਾਰ ਸਿੰਘ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਆਦਿ ਦੇ ਨਾਮ ਦੀ ਚਰਚਾ ਹੈ। ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਦੀ ਚੋਣ ਵਾਸਤੇ ਆਮ ਚੋਣਾਂ 18 ਸਤੰਬਰ 2011 ਨੂੰ ਹੋਈਆਂ ਸਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਦੋਵਾਂ ਨੇ ਕੁੱਲ 170 ਸੀਟਾਂ ਵਿੱਚੋਂ 157 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਸਤੰਬਰ 2011 ਵਿੱਚ ਹੋਈਆਂ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਹਿਲਾਂ ਹੀ ਦਸੰਬਰ 2011 ਵਿੱਚ ਇਸ ਚੋਣ ਪ੍ਰਕਿਰਿਆ ’ਤੇ ਉਸ ਵੇਲੇ ਰੋਕ ਲੱਗ ਗਈ ਸੀ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਹਿਜਧਾਰੀਆਂ ਨੂੰ ਵੋਟ ਪਾਉਣ ਤੋਂ ਰੋਕਣ ਬਾਰੇ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਕਾਰਨ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦਾ ਭਵਿੱਖ ਹਵਾ ਵਿੱਚ ਲਟਕ ਗਿਆ ਸੀ। ਇਹ ਮਾਮਲਾ ਪਿਛਲੇ ਪੰਜ ਸਾਲ ਤੋਂ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਸੀ। ਇਸ ਦੌਰਾਨ ਸੁਪਰੀਮ ਕੋਰਟ ਵਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਚਲਾਉਣ ਲਈ ਨਵੰਬਰ 2010 ਦੀ ਅੰਤ੍ਰਿੰਗ ਕਮੇਟੀ ਨੂੰ ਅਧਿਕਾਰ ਦਿੱਤੇ ਗਏ ਸਨ।