SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਹੋ ਗਈਆਂ ਹਨ ਅਤੇ ਨਵਾਂ ਪ੍ਰਧਾਨ ਚੁਣਿਆ ਜਾ ਚੁੱਕਾ ਹੈ। ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਦਿੱਤਾ ਹੈ। ਧਾਮੀ ਨੂੰ 104 ਵੋਟਾਂ ਪਈਆਂ ਹਨ। ਜਦਕਿ 42 ਵੋਟਾਂ ਬੀਬੀ ਜਗੀਰ ਕੌਰ ਨੂੰ ਪਈਆਂ ਹਨ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਕਾਫ਼ੀ ਜ਼ਿਆਦਾ ਔਖਾ ਸੀ।ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਕਾਫ਼ੀ ਦਿਲਚਸਪ ਰਹੀ।
ਦੱਸ ਦਈਏ ਕਿ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ।
ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ। ਇਸ ਤੋਂ ਬਾਅਦ ਵੋਟਿੰਗ ਹੋਈ। ਇਸ ਦੇ ਮੁਕੰਮਲ ਹੋਣ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਗਿਆਰਾਂ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ