SGPC President Election: ਸਾਬਕਾ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਖ਼ਤਮ ਕਰਨ ਲਈ ਇਕਜੁੱਟ ਹੋਣ।
ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨੈਤਿਕਤਾ ਦੇ ਆਧਾਰ ’ਤੇ ਵੋਟ ਪਾਉਣ। ਉਨ੍ਹਾਂ ਕਿਹਾ ਕਿ ਬਾਦਲਾਂ ਤੋਂ ਸਿੱਖ ਸੰਸਥਾ ਦਾ ਕਬਜ਼ਾ ਲੈਣ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਦਾ ਸਮਰਥਨ ਕੀਤਾ ਤੇ ਉਨ੍ਹਾਂ ਵੱਲੋਂ ਲਿਫਾਫਾ ਪ੍ਰਣਾਲੀ ਖ਼ਿਲਾਫ਼ ਕੀਤੀ ਆਵਾਜ਼ ਬੁਲੰਦ ਨੂੰ ਜਾਇਜ਼ ਦੱਸਿਆ।
ਉਧਰ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਕਿਸੇ ਧਿਰ ਦੀ ਹਮਾਇਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲਗਪਗ ਬਾਰ੍ਹਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ’ਤੇ ਮਸੰਦ ਤੇ ਮਹੰਤਾਂ ਦਾ ਕਬਜ਼ਾ ਹੈ ਜੋ ਨਹੀਂ ਚਾਹੁੰਦੇ ਕਿ ਇਹ ਚੋਣਾਂ ਮੁੜ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਵੰਡ ਕਾਰਨ ਸਿੱਖਾਂ ਦੇ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹੁਣ ਸਿੱਖਾਂ ਨੂੰ ਪਾਸਪੋਰਟ ਤੇ ਵੀਜ਼ੇ ਲਗਵਾ ਕੇ ਪਾਕਿਸਤਾਨ ਜਾਣਾ ਪੈਂਦਾ ਹੈ। ਇਹ ਸਿੱਖਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :