ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਭਵਿੱਖੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰਾਂ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਹੈ।
ਇਸ ਤਹਿਤ ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਅਤੇ ਤਰਨ ਤਾਰਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਅਹਿਮ ਹੈ, ਜਿਸ ਨੂੰ ਲੈ ਕੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਿਰੰਤਰ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਇਹ ਯਤਨ ਹੋਰ ਤੇਜ ਕਰੇਗੀ ਅਤੇ ਇਸੇ ਨੂੰ ਲੈ ਕੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਬਚਨ ਸਿੰਘ ਕਰਮੂਵਾਲਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ ਮੌਜੂਦ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ