ਅੰਮ੍ਰਿਤਸਰ: ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਵਿਰੋਧ ਵਿੱਚ ਲਾਏ ਦੋ ਰੋਜ਼ਾ ਧਰਨੇ ਦੀ ਕਮਾਨ ਅੱਜ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਭਾਲੀ। ਅੱਜ ਦੇ ਧਰਨੇ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਗਾੜੀ ਮੋਰਚੇ 'ਤੇ ਬੈਠੇ ਸਿੱਖਾਂ ਨੂੰ ਅਸਿੱਧੇ ਢੰਗ ਨਾਲ ਸਮਰਥਨ ਦੇ ਦਿੱਤਾ ਹੈ। ਇਸ ਦੇ ਨਾਲ ਹੀ ਧਰਨੇ 'ਤੇ ਬੈਠਦਿਆਂ ਲੌਂਗੋਵਾਲ ਨੇ ਕਾਂਗਰਸ ਸਰਕਾਰ 'ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਜਾਣਬੁੱਝ ਕੇ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲ਼ਕਾਂਡਾਂ ਦੇ ਇਨਸਾਫ਼ ਲਈ ਮੋਰਚੇ 'ਤੇ ਬੈਠੇ ਸਿੱਖਾਂ ਦਾ ਸਮਰਥਨ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਤਾਕੀਦ ਕੀਤੀ।




ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸਰਕਾਰ ਨਾ ਤਾਂ ਬਰਗਾੜੀ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਰਹੀ ਹੈ ਤੇ ਨਾ ਹੀ ਅੰਮ੍ਰਿਤਸਰ ਵਿੱਚ ਧਰਨਾ ਦੇ ਰਹੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਰਹੀ ਹੈ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਰਗਾੜੀ ਮੋਰਚੇ ਦਾ ਲਗਾਤਾਰ ਵਿਰੋਧ ਕਰਦੇ ਰਹੇ ਹਨ। ਹਾਲੇ ਦੋ ਦਿਨ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਵੀ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਸਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਮਾਝੇ ਦੇ ਬਾਗ਼ੀ ਟਕਸਾਲੀ ਆਗੂਆਂ ਨੇ ਵੀ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।

ਐਸਜੀਪੀਸੀ ਪ੍ਰਧਾਨ ਨੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਿੱਖਿਆ ਮੰਤਰੀ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦਾ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਛੇਤੀ ਹੀ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।