ਸ਼੍ਰੋਮਣੀ ਕਮੇਟੀ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਦੀ ਤਰੱਕੀ
ਏਬੀਪੀ ਸਾਂਝਾ | 25 Jul 2018 06:40 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ। ਦਫ਼ਤਰੀ ਹੁਕਮਾਂ ਅਨੁਸਾਰ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ। ਦਿਲਜੀਤ ਸਿੰਘ ਬੇਦੀ ਪਿਛਲੇ ਲਗਭਗ 38 ਸਾਲ ਤੋਂ ਸ਼੍ਰੋਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਹਨ। ਇਸ ਸਮੇਂ ਦੌਰਾਨ ਉਹ ਕਰੀਬ 30 ਸਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿਭਾਗ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਣਾਏ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗੁਰਮਤਿ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿੱਚ ਬਤੌਰ ਪ੍ਰੋਫ਼ੈਸਰ, ਸਿੱਖ ਇਤਿਹਾਸ ਰੀਸਰਚ ਬੋਰਡ ਵਿੱਚ ਰੀਸਰਚ ਸਕਾਲਰ ਤੇ ਇੰਚਾਰਜ ਤੋਂ ਇਲਾਵਾ ਮੀਤ ਸਕੱਤਰ ਤੇ ਵਧੀਕ ਸਕੱਤਰ ਹੁੰਦਿਆਂ ਵੱਖ-ਵੱਖ ਵਿਭਾਗਾਂ ਦੀ ਸੇਵਾ ਨਿਭਾਉਂਦੇ ਰਹੇ। ਪਿਛਲੇ ਕੁਝ ਸਮੇਂ ਤੋਂ ਉਹ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।