ਰਿਪੋਰਟ ਪੇਸ਼ ਹੋਣ ਤੋਂ ਪਹਿਲਾਂ ਹੀ ਰੱਦ ਕਰਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਏਬੀਪੀ ਸਾਂਝਾ | 26 Aug 2018 03:27 PM (IST)
ਚੰਡੀਗੜ੍ਹ: ਬੇਅਦਬੀ ਦੀਆਂ ਘਟਨਾਵਾਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਹੀ ਰੱਦ ਕਰਕੇ ਸ਼੍ਰੋਮਣੀ ਕਮੇਟੀ ਵਿਵਾਦਾਂ ਵਿੱਚ ਘਿਰ ਗਈ ਹੈ। ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਕਠਪੁਤਲੀ ਬਣ ਗਈ ਹੈ। ਅਕਾਲੀ ਦਲ ਵਿਰੋਧੀ ਧਿਰਾਂ ਵੱਲੋਂ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਕਿ ਅਧਿਕਾਰਤ ਤੌਰ 'ਤੇ ਰਿਪੋਰਟ ਜਨਤਕ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨੇ ਕਿਵੇਂ ਰੱਦ ਕਰ ਦਿੱਤੀ ਹੈ। ਦਰਅਸਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਰਗਾੜੀ ਕਾਂਡ ਦੀ ਜਾਂਚ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਬੋਗਸ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਉਂਝ ਇਹ ਰਿਪੋਰਟ ਅਜੇ ਵਿਧਾਨ ਸਭਾ ’ਚ ਪੇਸ਼ ਕੀਤੀ ਜਾਣੀ ਹੈ। ਸ਼੍ਰੋਮਣੀ ਕਮੇਟੀ ਦੀ ਇਹ ਕਾਹਲੀ ਸਭ ਨੂੰ ਹੈਰਾਨ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਨੋਟਿਸ ’ਤੇ ਪਹਿਲਾਂ 24 ਅਗਸਤ ਨੂੰ ਮੀਟਿੰਗ ਬੁਲਾਈ ਸੀ ਪਰ ਇਸ ਨੂੰ ਮੁਲਤਵੀ ਕਰਕੇ 25 ਅਗਸਤ ਨੂੰ ਚੰਡੀਗੜ੍ਹ ’ਚ ਕਰਨ ਦਾ ਐਲਾਨ ਕੀਤਾ ਗਿਆ। ਸ਼ਨੀਵਾਰ ਨੂੰ ਬੜੇ ਨਾਟਕੀ ਢੰਗ ਨਾਲ ਮੁੜ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ ਤੇ ਮੀਟਿੰਘ ਫਿਰ ਅੰਮ੍ਰਿਤਸਰ ਵਿੱਚ ਹੀ ਹੋਈ। ਮੀਟਿੰਗ ਦਾ ਸਿਰਫ ਇੱਕ ਨੁਕਾਤੀ ਏਜੰਡਾ ‘ਪੰਥਕ ਮੁੱਦਿਆਂ’ ’ਤੇ ਵਿਚਾਰ ਰੱਖਿਆ ਗਿਆ ਪਰ ਸਿਰਫ ਇੱਕ ਘੰਟੇ ਵਿੱਚ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰਕੇ ਮੀਟਿੰਗ ਖ਼ਤਮ ਕਰ ਦਿੱਤੀ ਗਈ। ਮੀਟਿੰਗ ਵਿੱਚ ਸ਼ਾਮਲ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਫੈਸਲੇ ਦੇ ਖਿਲਾਫ ਡਟੇ। ਉਨ੍ਹਾਂ ਨੇ ਮੀਟਿੰਗ ’ਚੋਂ ਵਾਕਆਊਟ ਕਰ ਦਿੱਤਾ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਗਈ ਜਾਂਚ ਨੂੰ ਝੂਠਲਾਉਣ ਲਈ ਪੇਸ਼ ਕੀਤੇ ਇਸ ਮਤੇ ਨਾਲ ਉਹ ਸਹਿਮਤ ਨਹੀਂ। ਇਹ ਰਿਪੋਰਟ ਅਜੇ ਪੇਸ਼ ਵੀ ਨਹੀਂ ਹੋਈ ਤੇ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।