ਅੰਮ੍ਰਿਤਸਰ: ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਐਸਜੀਪੀਸੀ ਨੇ ਡਾ. ਕਿਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਨਾਲ ਜੁੜੇ ਪ੍ਰਾਜੈਕਟਾਂ ਤੋਂ ਹਟਾਉਣ ਦਾ ਫੈਸਲਾ ਕਰ ਲਿਆ ਹੈ। ਡਾ. ਕਿਰਪਾਲ ਸਿੰਘ ਪੰਜਾਬ ਸਰਕਾਰ ਵੱਲੋਂ ਇਤਿਹਾਸ ਦੀ ਪਾਠ ਪੁਸਤਕ ਨਾਲ ਛੇੜਛਾੜ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੁਖੀ ਹਨ। ਐਸਜੀਪੀਸੀ ਵੱਲੋਂ ਹੁਣ ਆਪਣੇ ਕਿਸੇ ਵੀ ਕਾਰਜ ਲਈ ਉਨ੍ਹਾਂ ਦੀਆਂ ਸੇਵਾਵਾਂ ਨਹੀਂ ਲਈਆਂ ਜਾਣਗੀਆਂ।

ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਿੱਖ ਇਤਿਹਾਸ ਨਾਲ ਜੁੜੇ ਪ੍ਰਾਜੈਕਟਾਂ 'ਤੇ ਡਾ. ਕਿਰਪਾਲ ਸਿੰਘ ਦੇ ਕੰਮ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ। ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਇਸ ਮੁੱਦੇ 'ਤੇ ਹਾਲੇ ਤਕ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਉਣ ਵਾਲੇ ਸਮੇਂ ਵਿੱਚ ਇਸ ਮੁੱਦੇ ਤੇ ਕਾਨੂੰਨੀ ਕਾਰਵਾਈ ਵੀ ਕਰ ਸਕਦੀ ਹੈ।

ਭਾਈ ਲੌਂਗੋਵਾਲ ਨੇ ਹੀ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ 'ਚ ਕਰਤਾਰਪੁਰ ਲਾਂਘੇ ਸਬੰਧੀ ਅਤੇ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਮਨਾਉਣ ਸਬੰਧੀ ਫ਼ੈਸਲੇ ਲਏ ਗਏ ਅਤੇ ਕੇਂਦਰ ਸਰਕਾਰ ਨੇ ਐਸਜੀਪੀਸੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।