kangana controversy: ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਨੇ ਕੰਗਨਾ ਰਣੌਤ (kangana ranaut) ਅਤੇ ਫ਼ਿਲਮ ਦੇ ਨਿਰਮਾਤਾ ਨੂੰ ਫ਼ਿਲਮ ਐਮਰਜੈਂਸੀ (Emergency) ਲਈ ਨੋਟਿਸ ਭੇਜਿਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ 'ਤੇ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਕਿਸਾਨ ਨਾਰਾਜ਼ ਹਨ ਤੇ ਲਗਾਤਾਰ ਮੁਆਫ਼ੀ ਦੀ ਮੰਗ ਕਰ ਰਹੇ ਹਨ। ਹਾਲਾਂਕਿ ਭਾਜਪਾ ਮੀਡੀਆ ਸੈੱਲ ਨੇ ਖ਼ੁਦ ਹੀ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਕੇ ਇੱਕ ਬਿਆਨ ਜਾਰੀ ਕੀਤਾ ਹੈ। ਪਰ ਪੰਜਾਬ ਦੇ ਕਿਸਾਨ ਇਹ ਗੱਲ ਵੀ ਮੰਨਣ ਨੂੰ ਤਿਆਰ ਨਹੀਂ ਹਨ।


ਇਸ ਦੇ ਨਾਲ ਹੀ ਐਸਜੀਪੀਸੀ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੰਗਨਾ ਰਣੌਤ ਅਤੇ ਫ਼ਿਲਮ ਨਿਰਮਾਤਾ ਨੂੰ ਫਿਲਮ ਐਮਰਜੈਂਸੀ ਲਈ ਨੋਟਿਸ ਭੇਜਿਆ ਗਿਆ ਹੈ। ਜਦੋਂ ਕਿ ਕੁਝ ਦਿਨ ਪਹਿਲਾਂ SGPC ਨੇ ਜੀ-ਸਟੂਡੀਓ ਨੂੰ ਟ੍ਰੇਲਰ ਰਿਲੀਜ਼ ਕਰਨ ਵਿਰੁੱਧ ਨੋਟਿਸ ਭੇਜਿਆ ਸੀ। ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫਿਲਮ ਦੇ ਨਿਰਮਾਤਾਵਾਂ ਨੂੰ ਜਨਤਕ ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਰਿਲੀਜ਼ ਕੀਤੇ ਗਏ ਟ੍ਰੇਲਰ ਨੂੰ ਹਟਾਉਣ ਅਤੇ ਸਿੱਖ ਕੌਮ ਤੋਂ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ।


ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ !


ਜ਼ਿਕਰ ਕਰ ਦਈਏ ਕਿ  ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਹਿਲਾਂ ਹੀ ਕੰਗਨਾ ਦੇ ਬਿਆਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਸ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੰਗਨਾ ਰਣੌਤ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।


ਬਠਿੰਡਾ ਵਿੱਚ ਨਿਹੰਗ ਜਥੇਬੰਦੀਆਂ ਨੇ ਕੀਤਾ ਵਿਰੋਧ


ਸੰਸਦ ਮੈਂਬਰ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਇੱਕ ਮਾਲ 'ਚ ਫਿਲਮ ਦਿਖਾਈ ਜਾਣ ਦੀ ਸੂਚਨਾ 'ਤੇ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਵਿਰੋਧ ਕਰਨ ਲਈ ਬਠਿੰਡਾ ਪਹੁੰਚੇ। ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਪੁਲਿਸ ਤੇ ਹੋਰ ਪੁਲੀਸ ਬਲ ਮੌਕੇ ’ਤੇ ਪਹੁੰਚ ਗਏ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਦਰਸਾਇਆ ਗਿਆ ਹੈ, ਜਿਸ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਫਿਲਮ 'ਤੇ ਪਾਬੰਦੀ ਲਗਾਈ ਜਾਵੇ।