ਅੰਮ੍ਰਿਤਸਰ: ਡੇਰਾ ਸਿਰਸਾ ਦੇ ਸਮਰਥਕ ਵੱਲੋਂ ਡੇਰਾ ਮੁਖੀ ਦੀ ਤੁਲਨਾ 10ਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਸਿੱਖ ਸੰਗਤਾਂ ਵਿੱਚ ਇਸ ਦਾ ਬੇਹੱਦ ਰੋਸ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਵੀ ਸਰਗਰਮ ਹੋ ਗਈ ਹੈ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਪੱਤਰ ਭੇਜ ਕੇ ਸਬੰਧਤ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੂੰ ਸਬੰਧਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਹਦਾਇਤ ਕੀਤੀ ਹੈ।

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਡੇਰਾ ਸਮਰਥਕ ਵੱਲੋਂ ਡੇਰਾ ਸਿਰਸਾ ਦੇ ਮੁਖੀ ਦੀ ਤੁਲਨਾ ਸਿੱਖ ਧਰਮ ਦੇ 10ਵੇਂ ਗੁਰੂ ਨਾਲ ਕੀਤੀ ਗਈ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਸੰਗਤ ਵੱਲੋਂ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਦੀ ਬਰਾਬਰੀ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਵੀਡੀਓ ਵਿਚਲੇ ਵਿਅਕਤੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਹੋਰ ਵਿਅਕਤੀ ਅਜਿਹੀ ਗ਼ਲਤੀ ਨਾ ਕਰੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਵੀਡੀਓ ਦੀ ਨਿਖੇਧੀ ਕੀਤੀ ਹੈ ਤੇ ਇਸ ਨੂੰ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਕਰਕੇ ਕੁਝ ਸ਼ਰਾਰਤੀ ਵਿਅਕਤੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨਾਲ ਕਿਸੇ ਦੁਨਿਆਵੀ ਵਿਅਕਤੀ ਦੀ ਤੁਲਨਾ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਇਸ ਨਾਲ ਸਮੁੱਚੀ ਸਿੱਖ ਕੌਮ ਵਿਚ ਰੋਸ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੂੰ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਮਨਮਰਜ਼ੀ ਦੀ ਬਿਆਨੀਬਾਜ਼ੀ ਕਰ ਕੇ ਨਫ਼ਰਤ ਫੈਲਾਈ ਜਾਵੇ। ਉਨ੍ਹਾਂ ਨੇ ਇਸ ਮਾਮਲੇ ਨੂੰ ਸੰਜੀਦਾ ਦੱਸਦਿਆਂ ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਪੱਤਰ ਲਿਖ ਕੇ ਸਬੰਧਤ ਵਿਰੁੱਧ ਆਈਪੀਸੀ ਦੀ ਧਾਰਾ 295 ਏ ਹੇਠ ਕਾਰਵਾਈ ਕਰਨ ਲਈ ਕਿਹਾ ਹੈ। ਵਾਇਰਲ ਹੋਈ ਇਹ ਵੀਡੀਓ ਲਗਪਗ ਅੱਠ ਮਿੰਟ ਦੀ ਹੈ, ਜਿਸ ਵਿੱਚ ਡੇਰਾ ਸਮਰਥਕ ਬਜ਼ੁਰਗ ਵੱਲੋਂ ਡੇਰਾ ਮੁਖੀ ਦੀ ਸ਼ਲਾਘਾ ਕੀਤੀ ਗਈ ਹੈ। ਇਸ ਸ਼ਲਾਘਾ ਦੌਰਾਨ ਉਹ ਡੇਰਾ ਮੁਖੀ ਦੀ ਤੁਲਨਾ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਦਾ ਹੈ।