ਅੰਮ੍ਰਿਤਸਰ: ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਕਾਫ਼ਲੇ ’ਤੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕਮੇਟੀ ਅਫ਼ਗਾਨਿਸਤਾਨ 'ਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਕੋਲ ਵੀ ਪਹੁੰਚ ਕਰੇਗੀ।

ਲੌਂਗੋਵਾਲ ਨੇ ਇਸ ਹਮਲੇ ਨੂੰ ਅਫ਼ਗਾਨਿਸਤਾਨ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉੱਥੇ ਸਿੱਖਾਂ ਦੀ ਸੁਰੱਖਿਆ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਸਿੱਖ ਭਾਈਚਾਰਾ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਵੱਸਦਾ ਆ ਰਿਹਾ ਹੈ ਅਤੇ ਉੱਥੋਂ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਿੱਖਾਂ ਦਾ ਵੱਡਾ ਯੋਗਦਾਨ ਰਿਹਾ ਹੈ। ਪਰੰਤੂ ਲੰਮੇ ਸਮੇਂ ਤੋਂ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਵਿੱਚ ਅਸੁਰੱਖਿਆ ਦੀ ਭਾਵਨਾ ਬਣੀ ਹੋਈ ਹੈ ਤੇ ਇਸੇ ਕਰਕੇ ਹੀ ਅੱਜ ਉਥੇ ਬਹੁਤ ਘੱਟ ਗਿਣਤੀ ਵਿਚ ਸਿੱਖ ਵੱਸੋਂ ਰਹਿ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਅਵਤਾਰ ਸਿੰਘ ਖ਼ਾਲਸਾ ਨੂੰ ਮਾਰ ਦੇਣ ਤੋਂ ਸਪੱਸ਼ਟ ਹੈ ਕਿ ਇਹ ਹਮਲਾ ਜਾਣਬੁੱਝ ਕੇ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਕਿਉਂਕਿ ਅਵਤਾਰ ਸਿੰਘ ਖ਼ਾਲਸਾ ਅਕਤੂਬਰ ਵਿੱਚ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਨਾਮਜ਼ਦ ਹੋਏ ਸਨ।

ਉਨ੍ਹਾਂ ਇਸ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਔਖੀ ਘੜ੍ਹੀ ਵਿੱਚ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਅੱਜ ਹੀ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣਗੇ ਅਤੇ ਅਫ਼ਗਾਨਿਸਤਾਨ ’ਚ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਹਿਣਗੇ।