ਐਸਜੀਪੀਸੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਲਈ 18 ਫਰਵਰੀ ਨੂੰ ਜਥਾ ਹੋਵੇਗਾ ਰਵਾਨਾ
ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ।
ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ।
ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ, ਉਹ 18 ਫਰਵਰੀ ਨੂੰ ਪਾਕਿਸਤਾਨ ਜਾਣਗੇ ਅਤੇ 25 ਫਰਵਰੀ ਨੂੰ ਵਾਪਿਸ ਪਰਤਣਗੇ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਭਲਕੇ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਤੋਂ ਪ੍ਰਾਪਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਨਾਲ ਸ਼੍ਰੋਮਣੀ ਕਮੇਟੀ ਦੇ 20 ਦੇ ਕਰੀਬ ਮੈਂਬਰ ਵੀ ਜਾ ਰਹੇ ਹਨ।