ਚੰਡੀਗੜ੍ਹ: ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਸਿੱਖਾਂ ਦੇ ਜਥੇ ਸਰਹੱਦੋਂ ਪਾਰ ਜਾਣਗੇ। ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਵਿੱਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ਪਾਸਪੋਰਟ ਜਮ੍ਹਾਂ ਕਰਾਉਣ ਕਿਹਾ ਹੈ।


ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਕੋਲੋਂ ਪਾਸਪੋਰਟ ਲਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਪੁਰਬ ਮੌਕੇ ਪਾਕਿਸਤਾਨ ਭੇਜਣ ਲਈ ਤਿਆਰੀ ਸ਼ੁਰੂ ਕੀਤੀ ਗਈ ਹੈ ਪਰ ਇਸ ਸਬੰਧੀ ਅੰਤਿਮ ਫੈਸਲਾ ਦੋਵਾਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ’ਤੇ ਨਿਰਭਰ ਕਰਦਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ 5ਵੇਂ ਗੁਰੂ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ 25 ਮਾਰਚ ਤਕ ਪਾਸਪੋਰਟ ਮੰਗੇ ਗਏ ਹਨ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਸਪੋਰਟ ਸ਼੍ਰੋਮਣੀ ਕਮੇਟੀ ਦਫਤਰ ਭੇਜਣ। ਸ਼ਰਧਾਲੂਆਂ ਨੂੰ ਪਾਸਪੋਰਟ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਮੇਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।