ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਲੀਵੁੱਡ ਫਿਲਮ 'ਮਨਮਰਜ਼ੀਆਂ' ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ਵਿਚ ਸਿੱਖ ਪਾਤਰ ਵਜੋਂ ਦਿਖਾਈ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਇਆ ਗਿਆ ਹੈ ਜਿਸ ਨਾਲ ਸਿੱਖ ਭਾਈਚਾਰੇ 'ਚ ਰੋਸ ਦੀ ਭਾਵਨਾ ਹੈ।

ਲੌਂਗੋਵਾਲ ਨੇ ਕਿਹਾ ਕਿ ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਦੀ ਗਲਤੀ ਨਾਲ ਸਿੱਖਾਂ ਦੇ ਧਾਰਮਿਕ ਜਜ਼ਬਾਤਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਨਾਲ ਸਿੱਖਾਂ ਵਿਚ ਰੋਸ ਤੇ ਰੋਹ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਫਿਲਮ ’ਤੇ ਤੁਰੰਤ ਰੋਕ ਦੀ ਮੰਗ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਵਿਰੁਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਲੌਂਗੋਵਾਲ ਨੇ ਇਸ ਮੌਕੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਫਿਲਮ ਸੈਂਸਰ ਬੋਰਡ ਵਿਚ ਸਿੱਖ ਮੈਂਬਰ ਸ਼ਾਮਲ ਕੀਤਾ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦੇ ਦੀ ਮੰਗ ਕੀਤੀ ਗਈ ਹੈ ਪਰ ਸਰਕਾਰਾਂ ਇਸ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀਆਂ।