ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੁਲਦੀਪ ਨਈਅਰ ਦੀ ਲਿਖਤ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਲਈ ਉਨ੍ਹਾਂ ਤੋਂ ਸਨਮਾਨ ਵਾਪਸ ਲੈਣ ਦਾ ਫੈਸਲਾ ਲਿਆ ਹੈ। ਕਮੇਟੀ ਪ੍ਰਧਾਨ ਮੁਤਾਬਕ ਆਪਣੇ ਲੇਖ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਕੁਲਦੀਪ ਨਈਅਰ ਨੇ ਭੱਦੀ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਕਿਹਾ ਕਿ ਕੁਲਦੀਪ ਨਈਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਕਾਰਨ ਸਿੱਖ ਜਗਤ ਵਿਚ ਰੋਸ ਦੀ ਭਾਵਨਾ ਪਾਈ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ "ਸ਼੍ਰੋਮਣੀ ਪੱਤਰਕਾਰ" ਦਾ ਸਨਮਾਨ ਵਾਪਸ ਲੈਣ ਦਾ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਲਿਆ ਹੈ।
ਇਸ ਤੋਂ ਇਲਾਵਾ ਪ੍ਰੋ. ਬਡੂੰਗਰ ਨੇ ਕਿਹਾ ਕਿ 1971 ਦੀ ਜੰਗ ਵਿੱਚ ਬਹਾਦਰੀ ਨਾਲ ਲੜਨ ਵਾਲੇ ਸਿੱਖ ਫੌਜੀ ਅਫਸਰ ਜਨਰਲ ਜਗਜੀਤ ਸਿੰਘ ਅਰੋੜਾ ਤੇ ਮਾਲਵੇ ਦਾ ਇਤਿਹਾਸ ਲਿਖਣ ਵਾਲੇ ਬਾਬਾ ਵਿਸਾਖਾ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈਆਂ ਜਾਣਗੀਆਂ। ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਸ਼ਾਸਨ ਦੀ ਢਿੱਲ ਕਾਰਨ ਸ਼ਰਧਾਲੂਆਂ ਨਾਲ ਲੁੱਟ-ਖੋਹ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਟਾਟਾ ਨਗਰ ਤੋਂ ਦਰਸ਼ਨ ਕਰਨ ਪਹੁੰਚੇ ਪਰਿਵਾਰ ਨਾਲ ਵੀ ਅਜਿਹੀ ਘਟਨਾ ਵਾਪਰੀ ਹੈ ਜਿਸ ਵਿੱਚ ਬੀਬੀ ਸਰਬਜੀਤ ਕੌਰ ਨੂੰ ਸੱਟਾਂ ਵੀ ਲੱਗੀਆਂ ਹਨ। ਉਸ ਦੀ ਸਹਾਇਤਾ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਡੀ.ਜੀ.ਪੀ. ਪੰਜਾਬ ਨੂੰ ਇੱਕ ਪੱਤਰ ਲਿਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਫੈਸਲਾ ਲਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਇਆ ਜਾਵੇਗਾ। ਉੱਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਂ 'ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰੋ. ਬਡੂੰਗਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਸਿੱਖ ਅਜਾਇਬ ਘਰ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਟੀਕ ਦੇ ਨਾਲ ਹੀ ਤਬਲਾ, ਹਾਰਮੋਨੀਅਮ ਸਮੇਤ ਸੰਗੀਤ ਦਾ ਹੋਰ ਸਾਜ਼ੋ-ਸਾਮਾਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਏ ਬੁਲਾਰ ਜੀ ਦੇ ਨਾਂ 'ਤੇ ਲਾਇਬ੍ਰੇਰੀ ਬਣਾਉਣੀ ਪ੍ਰਵਾਨਿਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਉਣ ਸਮੇਂ ਉਨ੍ਹਾਂ ਦੇ ਪਰਿਵਾਰ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਉਣ ਲਈ ਸੱਦਾ ਦਿੱਤਾ ਜਾਵੇਗਾ।