ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰਾ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ।


ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਤੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਨੂੰ ਆਪਣੇ ਮੂਲ ਰੂਪ ਅਨੁਸਾਰ ਹੀ ਲਾਗੂ ਕਰਵਾ ਕੇ ਬੋਰਡ ਦੇ ਮੈਂਬਰਾਂ ਵਿੱਚ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ।

ਲੌਂਗੋਵਾਲ ਨੇ ਆਖਿਆ ਕਿ ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਸਿੱਧੇ ਤੌਰ ’ਤੇ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਮਹਾਨ ਅਸਥਾਨ ਹੈ, ਜਿੱਥੇ ਦੁਨੀਆਂ ਭਰ ਦੇ ਸਿੱਖ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਆਉਂਦੇ ਹਨ। ਤਖ਼ਤ ਸਾਹਿਬ ਦੇ ਪ੍ਰਬੰਧਾਂ ਨੂੰ 17 ਮੈਂਬਰੀ ਬੋਰਡ ਚਲਾਉਂਦਾ ਹੈ। ਐਕਟ ਅਨੁਸਾਰ ਇਨ੍ਹਾਂ ਮੈਂਬਰਾਂ ਵਿੱਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ, ਜਦਕਿ ਅਜੋਕੇ ਸਮੇਂ ਮਹਾਰਾਸ਼ਟਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ।