Shaheed Kartar Singh Sarabha: 24 ਮਈ 1896 ਨੂੰ ਲੁਧਿਆਣੇ ਜ਼ਿਲ੍ਹੇ ਦੇ ਸਰਾਭਾ ਪਿੰਡ ਵਿੱਚ ਜਨਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤੀ ਆਜ਼ਾਦੀ ਸੰਗਰਾਮ ਦੇ ਇੱਕ ਅਣਥੱਕ ਸਿਪਾਹੀ ਸਨ। ਅੱਜ, ਉਨ੍ਹਾਂ ਦੇ ਜਨਮ ਦਿਵਸ 'ਤੇ, ਅਸੀਂ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਚੜ੍ਹਦੀ ਉਮਰੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਦਿਲੋਂ ਸਲਾਮ ਕਰਦੇ ਹਾਂ। ਉਹਨਾਂ ਦੇ ਗ਼ਦਰ ਲਹਿਰ ਦੇ ਸੰਘਰਸ਼, ਦਲੇਰੀ ਅਤੇ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਰੱਖਿਆ ਜਾਵੇਗਾ।
ਦੱਸ ਦਈਏ ਕਿ ਕਰਤਾਰ ਸਿੰਘ ਸਰਾਭਾ ਨੇ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਗ਼ਦਰ ਲਹਿਰ ਨਾਲ ਜੁੜ ਕੇ ਅੰਗਰੇਜ਼ੀ ਸਾਮਰਾਜ ਦੇ ਖਿਲਾਫ਼ ਸੰਘਰਸ਼ ਦਾ ਰਾਹ ਚੁਣਿਆ। ਉਨ੍ਹਾਂ ਦੀ ਨਿਡਰਤਾ ਅਤੇ ਦੇਸ਼ ਭਗਤੀ ਨੇ ਲੱਖਾਂ ਨੌਜਵਾਨਾਂ ਨੂੰ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। 1915 ਵਿੱਚ ਗ਼ਦਰੀਆਂ ਦੇ ਅੰਦੋਲਨ ਦੌਰਾਨ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਮੁਕੱਦਮੇ ਤੋਂ ਬਾਅਦ 16 ਨਵੰਬਰ, 1915 ਨੂੰ ਲਾਹੌਰ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ।
ਸਰਾਭਾ ਦੀ ਸ਼ਹਾਦਤ ਅੱਜ ਵੀ ਸਾਨੂੰ ਸਿਖਾਉਂਦੀ ਹੈ ਕਿ ਦੇਸ਼ ਪ੍ਰਤੀ ਸਮਰਪਣ ਅਤੇ ਸੱਚਾਈ ਦਾ ਰਾਹ ਕਦੇ ਵੀ ਸੌਖਾ ਨਹੀਂ ਹੁੰਦਾ, ਪਰ ਇਹ ਸਦਾ ਪ੍ਰੇਰਣਾਦਾਇਕ ਹੁੰਦਾ ਹੈ। ਉਨ੍ਹਾਂ ਦੀ ਜੀਵਨੀ ਸਾਨੂੰ ਜ਼ੁਲਮ ਦੇ ਖਿਲਾਫ਼ ਲੜਨ ਅਤੇ ਨਿਆਂ ਲਈ ਅਡਿੱਗ ਰਹਿਣ ਦੀ ਸਿੱਖਿਆ ਦਿੰਦੀ ਹੈ। ਅੱਜ ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਤ ਸ਼ਤ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਆਜ਼ਾਦ ਭਾਰਤ ਨੂੰ ਮਜ਼ਬੂਤ ਕਰਨ ਦਾ ਸੰਕਲਪ ਲੈਂਦੇ ਹਾਂ।