Shaheedi Jor Mela 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਚਲ ਰਹੀ ਕਥਾ ਤੇ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਹੁੰਦਿਆਂ ਪਹਿਲੀ ਵਾਰ ਸੰਸਦ ਵਿੱਚ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਦੱਸ ਦਈਏ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਤੇ ਲਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ। ਇਸ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।
ਇਸ ਤਹਿਤ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਥਾ ਸੁਣੀ ਤੇ ਅਰਦਾਸ ਵਿੱਚ ਹਾਜ਼ਰੀ ਲਵਾਈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ ਜਿਸ ਕਰਕੇ ਇੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਪਹੁੰਚਦੀਆਂ ਹਨ।